Government buses off the roads in Punjab! Passengers face increased hardship; losses running into crores
ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ ਕਰੋੜਾਂ ਦਾ ਨੁਕਸਾਨ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਮੰਗਾਂ ਪੂਰੀਆਂ ਨਾ ਹੋਣ ਕਾਰਨ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 21 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੜਤਾਲ ਅਜੇ ਵੀ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਧਰਨਾ-ਪ੍ਰਦਰਸ਼ਨ ਕੀਤਾ। ਯੂਨੀਅਨ ਨੇ ਐਲਾਨ ਕੀਤਾ ਕਿ 24 ਅਕਤੂਬਰ ਨੂੰ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ, ਜਿਸ ਕਰਕੇ ਅੱਜ ਵੀ ਬੱਸਾਂ ਦਾ ਚੱਕਾ ਜਾਮ ਰਿਹਾ। ਹੜਤਾਲ ਕਾਰਨ ਬੱਸ ਅੱਡਿਆਂ ’ਤੇ ਯਾਤਰੀਆਂ ਨੂੰ ਬੱਸਾਂ ਦੇ ਇੰਤਜ਼ਾਰ ਵਿਚ ਲੰਮਾ ਸਮਾਂ ਬਿਤਾਉਣਾ ਪਿਆ। ਸਰਕਾਰੀ ਬੱਸਾਂ ਉਪਲੱਬਧ ਨਾ ਹੋਣ ਕਾਰਨ ਯਾਤਰੀਆਂ ਨੂੰ ਨਿੱਜੀ ਬੱਸਾਂ ਅਤੇ ਦੂਜੇ ਬਦਲਵੇਂ ਸਾਧਨਾਂ ਦਾ ਸਹਾਰਾ ਲੈਣਾ ਪਿਆ। ਖ਼ਾਸ ਕਰਕੇ ਦੂਜੇ ਸੂਬਿਆਂ ਵੱਲ ਜਾਣ ਵਾਲੇ ਯਾਤਰੀਆਂ ਨੂੰ ਵੱਧ ਪ੍ਰੇਸ਼ਾਨੀ ਝੱਲਣੀ ਪਈ। ਨਿੱਜੀ ਬੱਸਾਂ ਦੀ ਗਿਣਤੀ ਯਾਤਰੀਆਂ ਦੀ ਲੋੜ ਦੇ ਮੁਕਾਬਲੇ ਘੱਟ ਰਹਿਣ ਕਾਰਨ ਭੀੜ ਦੀ ਸਥਿਤੀ ਬਣੀ ਰਹੀ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ’ਤੇ ਲਿਆਉਣਾ, ਠੇਕਾ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਨਿਯਮਿਤ ਕਰਨਾ ਅਤੇ ਸੰਘਰਸ਼ ਦੌਰਾਨ ਕਰਮਚਾਰੀਆਂ ’ਤੇ ਦਰਜ ਕਥਿਤ ਝੂਠੇ ਮਾਮਲੇ ਰੱਦ ਕਰਨਾ ਸ਼ਾਮਲ ਹੈ। ਯੂਨੀਅਨ ਦਾ ਦੋਸ਼ ਹੈ ਕਿ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾ ਕੇ ਸਰਕਾਰੀ ਟਰਾਂਸਪੋਰਟ ਵਿਵਸਥਾ ਦੇ ਨਿੱਜੀਕਰਨ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਯੂਨੀਅਨ ਦੇ ਅਹੁਦੇਦਾਰਾਂ ਵਿਚ ਸ਼ਾਮਲ ਡਿਪੂ ਪ੍ਰਧਾਨ ਸਤਪਾਲ ਸਿੰਘ ਸੱਤਾ, ਚਾਨਣ ਸਿੰਘ, ਦਲਜੀਤ ਸਿੰਘ ਜੱਲੇਵਾਲ ਤੇ ਬਿਕਰਮਜੀਤ ਸਿੰਘ ਬਿੱਕਾ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਹੱਲ ਨਾ ਕੀਤਾ ਤਾਂ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ। ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ 24 ਅਕਤੂਬਰ ਨੂੰ ਯੂਨੀਅਨ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਅੱਜ ਮੀਟਿੰਗ ਹੋ ਰਹੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਨਿਕਲਿਆ ਤਾਂ ਹੜਤਾਲ ਅੱਗੇ ਵੀ ਜਾਰੀ ਰਹੇਗੀ।

