Ravneet Bittu arrived outside the Legislative Assembly carrying a bottle with a bell attached
ਟੱਲੀ ਵਾਲੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਰਵਨੀਤ ਬਿੱਟੂ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਟੱਲੀ ਵਾਲੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੋਤਲ ਦਿਖਾ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕੱਸੇ ਅਤੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਿਆ। ਬਿੱਟੂ ਨੇ ਦਾਅਵਾ ਕੀਤਾ ਕਿ ਉਹ ਇਸ ਬੋਤਲ ਰਾਹੀਂ ਮੁੱਖ ਮੰਤਰੀ ਦੀ ਪਸੰਦ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾ ਰਹੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਗਏ ਸਨ ਪਰ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੁਣ ਉਹ ਵਿਧਾਨ ਸਭਾ ਦੇ ਬਾਹਰ ਬੋਤਲ ਲੈ ਕੇ ਪਹੁੰਚੇ ਹਨ। ਉਨ੍ਹਾਂ ਨੇ ਹਵਾਈ ਅੱਡੇ ’ਤੇ ਬੋਤਲ ਨੂੰ ਲੈ ਕੇ ਹੋਏ ਵਿਵਾਦ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਰੌਲਾ ਪਾਇਆ ਗਿਆ ਸੀ। ਬੋਤਲ ਦਿਖਾਉਂਦਿਆਂ ਬਿੱਟੂ ਨੇ ਮੁੱਖ ਮੰਤਰੀ ’ਤੇ ਤੰਜ ਕੱਸਿਆ ਅਤੇ ਕਿਹਾ ਕਿ ਉਹ ਇਸ ਨਾਲ ਜੁੜੀਆਂ ਹੋਰ ਚੀਜ਼ਾਂ ਵੀ ਇਕ-ਇਕ ਕਰਕੇ ਲੋਕਾਂ ਸਾਹਮਣੇ ਲਿਆਉਣਗੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਰਵਨੀਤ ਬਿੱਟੂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਵਿਕਰੀ ਰੋਕਣ ਲਈ ਲੋੜੀਂਦੀ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਮੈਡੀਕਲ ਨਸ਼ਿਆਂ ਦੀ ਵਿਕਰੀ ਦਾ ਮੁੱਦਾ ਵੀ ਚੁੱਕਿਆ ਅਤੇ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਸ ਕੋਲ ਕਾਰਵਾਈ ਕਰਨ ਦੇ ਅਧਿਕਾਰ ਹਨ ਤਾਂ ਨਸ਼ਿਆਂ ਦਾ ਕਾਰੋਬਾਰ ਰੋਕਣ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ।

