Accident involving a couple traveling from Amritsar to Ludhiana! Car completely mangled
ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ ਪਰਖੱਚੇ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਜਲੰਧਰ ਵਿਖੇ ਨੈਸ਼ਨਲ ਹਾਈਵੇਅ ‘ਤੇ ਸਥਿਤ ਮਿਸ਼ਰਾ ਢਾਬੇ ਦੇ ਸਾਹਮਣੇ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਹਾਈਵੇਅ ’ਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਮਿਸ਼ਰਾ ਢਾਬੇ ਦੇ ਸਾਹਮਣੇ ਸੜਕ ਹਾਦਸਾ ਵਾਪਰ ਗਿਆ ਹੈ। ਸੂਚਨਾ ਮਿਲਣ ’ਤੇ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਹਰਬੰਸ ਸਿੰਘ ਆਪਣੀ ਪਤਨੀ ਨਾਲ ਕਾਰ ‘ਚ ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਜਦੋਂ ਉਹ ਮਿਸ਼ਰਾ ਢਾਬੇ ਨੇੜੇ ਪਹੁੰਚੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸੈਂਟਰ ਡਿਵਾਈਡਰ ਪਾਰ ਕਰਕੇ ਹਾਈਵੇਅ ਦੀ ਦੂਜੀ ਸਾਈਡ ’ਤੇ ਜਾ ਪਹੁੰਚੀ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਹਰਬੰਸ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਉਨ੍ਹਾਂ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਪਹੁੰਚੀ ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ 108 ਐਂਬੂਲੈਂਸ ਵੀ ਬੁਲਾਈ ਗਈ ਪਰ ਦੋਵਾਂ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਟੀਮ ਨੇ ਟੋਇੰਗ ਵੈਨ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਪਾਸੇ ਕਰਵਾਇਆ ਅਤੇ ਨੈਸ਼ਨਲ ਹਾਈਵੇਅ ’ਤੇ ਲੱਗੇ ਜਾਮ ਨੂੰ ਖੁੱਲ੍ਹਵਾਇਆ। ਇਸ ਸਬੰਧੀ ਥਾਣਾ ਗੁਰਾਇਆ ਦੇ ਡਿਊਟੀ ਅਫ਼ਸਰ ਏ. ਐੱਸ. ਆਈ. ਸੁਰਿੰਦਰ ਪਾਲ ਨੂੰ ਵੀ ਸੂਚਿਤ ਕੀਤਾ ਗਿਆ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੋਵਾਂ ਦੀ ਮਦਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਵੱਲ ਰਵਾਨਾ ਕੀਤਾ।

