Several key decisions taken at the meeting of the Shiromani Committee’s Executive Committee; General Session to be held on November 20
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ, 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ ਸਵੇਰੇ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਫੈਸਲਿਆਂ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ, ਜੋ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਤੋਂ ਇਲਾਵਾ ਸਮੂਹ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਸ਼ਹੀਦ ਹੋਏ ਭਾਈ ਪਲਵਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਇਲਾਜ ਦਾ ਖਰਚਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਿੱਖ ਬੀਬੀਆਂ ਦੀਆਂ ਚੁੰਨੀਆਂ ਅਤੇ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਸਾਲ 1984 ਦੌਰਾਨ ਆਪਣੀਆਂ ਬੈਰਕਾਂ ਛੱਡਣ ਵਾਲੇ ਰਹਿੰਦੇ 479 ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸੇ ਤਰ੍ਹਾਂ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਰਕ ਬਣਾਉਣ ਲਈ ਜ਼ਮੀਨ ਖਰੀਦਣ ਅਤੇ ਉਸਾਰੀ ਦਾ ਸਮੁੱਚਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲੇ ਪੰਥਕ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਅਹਿਮ ਕਦਮ ਹਨ।

