Preparations begin for the birth anniversary of Sri Guru Gobind Singh Ji; Samrat Choudhary pays obeisance at Takht Sri Patna Sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਸਮਰਾਟ ਚੌਧਰੀ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਸਬੰਧੀ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਬਿਹਾਰ ਸਰਕਾਰ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.), ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਸਮੇਤ ਕਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਉੱਥੇ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਅਧਿਕਾਰੀ ਹਾਜ਼ਰ ਹੋਏ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਕਮੇਟੀ ਦੇ ਅਹੁਦੇਦਾਰਾਂ ਨੇ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਕਿ ਕਿਸ ਤਰ੍ਹਾਂ 360ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਾਲ, ਸੁਚੱਜੇ ਅਤੇ ਇਤਿਹਾਸਕ ਰੂਪ ਵਿੱਚ ਮਨਾਇਆ ਜਾ ਸਕਦਾ ਹੈ। ਇਸ ਦੌਰਾਨ 350ਵੇਂ ਪ੍ਰਕਾਸ਼ ਪੁਰਬ ਦੇ ਸਫਲ ਅਤੇ ਯਾਦਗਾਰੀ ਸਮਾਗਮਾਂ ਨੂੰ ਵੀ ਆਧਾਰ ਬਣਾਉਂਦਿਆਂ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਕਿਸ ਤਰ੍ਹਾਂ 360ਵੇਂ ਪ੍ਰਕਾਸ਼ ਪੁਰਬ ਨੂੰ ਵੀ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਇੱਕ ਅਭੁੱਲ ਯਾਦ ਬਣਾਇਆ ਜਾਵੇ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪਵਿੱਤਰ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਹੁਤ ਹੀ ਖੁਸ਼ਗਵਾਰ ਅਤੇ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਅਤੇ ਯਾਦਗਾਰੀ ਬਣਾਉਣ ਲਈ ਸਾਰੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਲੋੜੀਂਦੇ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਜਨਮ ਭੂਮੀ ਪਟਨਾ ਸਾਹਿਬ ਵਿਖੇ ਹੋਣ ਵਾਲਾ ਇਹ ਸਮਾਗਮ ਨਾ ਸਿਰਫ਼ ਸਿੱਖ ਸੰਗਤ ਲਈ, ਸਗੋਂ ਬਿਹਾਰ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਪਛਾਣ ਲਈ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ।

