Major action by Punjab Police ahead of Diwali: ‘CASO’ operation conducted at 214 bus stands; 112 drug smugglers apprehended
ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ ‘ਕਾਸੋ’ ਆਪ੍ਰੇਸ਼ਨ, 112 ਨਸ਼ਾ ਤਸਕਰ ਕਾਬੂ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਦੀਵਾਲੀ ਦੇ ਮੱਦੇਨਜ਼ਰ ਸੂਬੇ ਭਰ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਬੁੱਧਵਾਰ ਨੂੰ ਸੂਬੇ ਦੇ 214 ਬੱਸ ਸਟੈਂਡਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਸੂਬੇ ਦੇ ਸਾਰੇ 28 ਪੁਲਸ ਜ਼ਿਲਿਆਂ ’ਚ ਇਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਈ ਗਈ। ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਸ ਡਾਇਰੈਕਟਰ ਜਨਰਲ (ਕਾਨੂੰਨ-ਵਿਵਸਥਾ) ਪ੍ਰਵੀਨ ਸਿਨ੍ਹਾ ਨੇ ਦੱਸਿਆ ਕਿ ਸਾਰੇ ਪੁਲਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀ ਪੁਲਸ ਫੋਰਸ ਤਾਇਨਾਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਬੱਸ ਸਟੈਂਡਾਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਕੁੱਲ 1,161 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਤਹਿਤ 100 ਤੋਂ ਵੱਧ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 216 ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ’ਚ 1,500 ਤੋਂ ਵੱਧ ਪੁਲਸ ਕਰਮਚਾਰੀ ਸ਼ਾਮਲ ਸਨ। ਇਸ ਤੋਂ ਇਲਾਵਾ, ਪੁਲਸ ਨੇ ਸੂਬੇ ਭਰ ’ਚ 301 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਨਤੀਜੇ ਵਜੋਂ 86 ਐੱਫ. ਆਈ. ਆਰਜ਼ ਦਰਜ ਕਰ ਕੇ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 2.5 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫ਼ੀਮ, 488 ਨਸ਼ੀਲੀਆਂ ਗੋਲੀਆਂ ਅਤੇ 2.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

