Major relief for Sukhbir Badal in defamation case; granted exemption from personal appearance
ਮਾਣਹਾਨੀ ਕੇਸ ’ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਨਿੱਜੀ ਪੇਸ਼ੀ ਤੋਂ ਮਿਲੀ ਛੋਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਚੰਡੀਗੜ੍ਹ ਜ਼ਿਲਾ ਅਦਾਲਤ ਤੋਂ ਨਿੱਜੀ ਪੇਸ਼ੀ ’ਚ ਛੋਟ ਮੰਗੀ। ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਸੋਨਾਲੀ ਸਿੰਘ ਦੀ ਅਦਾਲਤ ’ਚ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ। ਸੁਖਬੀਰ ਬਾਦਲ ਵੱਲੋਂ ਵਕੀਲ ਰਾਜੇਸ਼ ਕੁਮਾਰ ਰਾਏ ਨੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਖ਼ਲ ਕੀਤੀ। ਇਸ ’ਚ ਪੰਜਾਬ ’ਚ ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਜ਼ਰੂਰੀ ਮੀਟਿੰਗ ’ਚ ਸ਼ਾਮਲ ਹੋਣ ਦਾ ਹਵਾਲਾ ਦਿੱਤਾ ਗਿਆ। ਨਾਲ ਹੀ ਕਿਹਾ ਕਿ ਸ਼ੁੱਕਰਵਾਰ ਨੂੰ ਸਥਾਨਕ ਬਾਰ ਦੇ ਵਕੀਲ ਹੜਤਾਲ ’ਤੇ ਰਹਿਣਗੇ ਅਤੇ ਅਦਾਲਤ ’ਚ ਪੇਸ਼ ਨਹੀਂ ਹੋਣਗੇ। ਇਹ ਮਾਮਲਾ ਸਾਲ 2017 ਦਾ ਹੈ। ਅਖੰਡ ਕੀਰਤਨੀ ਜਥੇ ਦੇ ਬੁਲਾਰੇ ਤੇ ਮੋਹਾਲੀ ਨਿਵਾਸੀ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਦੇ ਤਹਿਤ ਦਾਇਰ ਕੀਤੀ ਸੀ। ਸ਼ਿਕਾਇਤ ਮੁਤਾਬਕ, 4 ਜਨਵਰੀ, 2017 ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਾਜਿੰਦਰ ਪਾਲ ਸਿੰਘ ਦੇ ਘਰ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਵਿਚ ਬਿਆਨ ਦਿੱਤਾ ਸੀ। ਦੋਸ਼ ਹੈ ਕਿ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਿਆਸੀ ਮੋਰਚਾ ਦੱਸਿਆ ਸੀ। ਇਸ ਬਿਆਨ ਨਾਲ ਸੰਗਠਨ ਦਾ ਅਕਸ ਅਤੇ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਿਆ। ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਉਨ੍ਹਾਂ ਦੀ ਪਟੀਸ਼ਨ ਰੱਧ ਕਰ ਦਿੱਤੀ ਸੀ। ਇਸ ਤੋਂ ਬਾਅਦ ਮਾਮਲਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਹੀ ਚੱਲ ਰਿਹਾ ਹੈ।

