Bloody clash between two families over bursting firecrackers; five people injured
ਪਟਾਕੇ ਚਲਾਉਣ ਨੂੰ ਲੈ ਕੇ ਦੋ ਪਰਿਵਾਰਾਂ ‘ਚ ਖੂਨੀ ਝੜਪ, ਪੰਜ ਵਿਅਕਤੀ ਜ਼ਖ਼ਮੀ
ਡੇਰਾਬੱਸੀ (ਆਵਾਜ਼ਿ ਕੌਮ ਬਿਊਰੋ)-ਡੇਰਾਬੱਸੀ ਦੇ ਨਜ਼ਦੀਕੀ ਪਿੰਡ ਸਮਗੋਲੀ ਵਿਖੇ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਨੂੰ ਲੈ ਕੇ ਦੋ ਪਰਿਵਾਰਾਂ ‘ਚ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਦੋਵਾਂ ਧਿਰਾਂ ਵਿਚਕਾਰ ਬਹਿਸਬਾਜ਼ੀ ਤੋਂ ਬਾਅਦ ਖੂਨੀ ਝੜਪ ਹੋ ਗਈ। ਇਸ ਘਟਨਾ ਦੌਰਾਨ ਦੋਵਾਂ ਧਿਰਾਂ ਦੇ ਕੁੱਲ 5 ਵਿਅਕਤੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਹਿਲੀ ਧਿਰ ਦੇ ਜ਼ਖ਼ਮੀ ਸੰਜੀਵ ਕੁਮਾਰ ਵਾਸੀ ਪਿੰਡ ਸਮਗੋਲੀ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਉਹ ਆਪਣੇ ਭਰਾ ਮਨਦੀਪ ਸਿੰਘ ਅਤੇ ਪਿਤਾ ਅਮਰ ਸਿੰਘ ਨਾਲ ਘਰ ਦੇ ਬਾਹਰ ਬੈਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਗੁਆਂਢ ‘ਚ ਰਹਿੰਦੇ ਕੁਲਦੀਪ ਸਿੰਘ ਅਤੇ ਬਖ਼ਸ਼ੀਸ਼ ਸਿੰਘ ਵੱਲੋਂ ਉਨ੍ਹਾਂ ਦੇ ਘਰ ਦੇ ਅੱਗੇ ਪਟਾਕੇ ਸੁੱਟੇ ਗਏ। ਸੰਜੀਵ ਕੁਮਾਰ ਅਨੁਸਾਰ ਜਦੋਂ ਉਨ੍ਹਾਂ ਨੇ ਇਸ ਗੱਲ ਦਾ ਵਿਰੋਧ ਕਰਦਿਆਂ ਗੁਆਂਢੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਦੋਹਾਂ ਧਿਰਾਂ ਵਿਚਕਾਰ ਬਹਿਸਬਾਜ਼ੀ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਇਹ ਤਕਰਾਰ ਹੱਥੋਪਾਈ ਅਤੇ ਲੜਾਈ ਵਿਚ ਬਦਲ ਗਈ। ਇਸ ਝੜਪ ਦੌਰਾਨ ਪਹਿਲੀ ਧਿਰ ਦੇ ਸੰਜੀਵ ਕੁਮਾਰ, ਮਨਦੀਪ ਸਿੰਘ ਅਤੇ ਅਮਰ ਸਿੰਘ ਜ਼ਖ਼ਮੀ ਹੋ ਗਏ, ਜਦੋਂ ਕਿ ਦੂਜੀ ਧਿਰ ਦੇ ਕੁਲਦੀਪ ਸਿੰਘ ਅਤੇ ਬਖ਼ਸ਼ੀਸ਼ ਸਿੰਘ ਨੂੰ ਵੀ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਡਾਕਟਰੀ ਰਿਪੋਰਟ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

