Big update regarding government buses in Punjab
ਪੰਜਾਬ ‘ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇੱਕ ਵਾਰ ਫਿਰ ਹੜਤਾਲ ਦਾ ਬਿਗੁਲ ਵਜਾ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਡਿਪੂ ਦੇ ਬਾਹਰ ਗੇਟ ’ਤੇ ਇੱਕ ਵਿਸ਼ਾਲ ਗੇਟ ਰੈਲੀ ਕੀਤੀ ਗਈ, ਜਿਸ ’ਚ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਵਾਰ ਯੂਨੀਅਨ ਵੱਲੋਂ 16 ਤੋਂ 18 ਨਵੰਬਰ ਤੱਕ ਹੜਤਾਲ ਦੀ ਕਾਲ ਦਿੱਤੀ ਗਈ ਹੈ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਧ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਬਾਰੇ ਜਾਣੂੰ ਕਰਵਾਉਂਦੇ ਆ ਰਹੇ ਹਨ ਪਰ ਸਰਕਾਰ ਇਨ੍ਹਾਂ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਇਸ ਵਾਰ ਯੂਨੀਅਨ ਵੱਲੋਂ 16 ਤੋਂ ਲੈ ਕੇ 18 ਨਵੰਬਰ ਤੱਕ ਪੂਰਨ ਚੱਕਾ ਜਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਬੱਸਾਂ ਦਾ ਪੂਰਨ ਚੱਕਾ ਜਾਮ ਕੀਤਾ ਜਾਵੇਗਾ। ਮੁੱਖ ਮੰਗਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੱਚੇ ਕਰਮਚਾਰੀਆਂ ਨੂੰ ਨਾ ਤਾਂ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਹੋਰ ਮੰਗ ਨੂੰ ਮੰਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਵਜੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ।

