Sentence announced for former Punjab Police SSP Gurmeet Randhawa; major verdict delivered after 34 years
ਪੰਜਾਬ ਪੁਲਸ ਦੇ ਸਾਬਕਾ SSP ਗੁਰਮੀਤ ਰੰਧਾਵਾ ਨੂੰ ਸਜ਼ਾ ਦਾ ਐਲਾਨ, 34 ਸਾਲਾਂ ਮਗਰੋਂ ਆਇਆ ਵੱਡਾ ਫ਼ੈਸਲਾ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ 34 ਸਾਲ ਪੁਰਾਣੇ ਟਰਾਂਸਪੋਰਟਰ ਅਗਵਾ ਅਤੇ ਲਾਪਤਾ ਮਾਮਲੇ ‘ਚ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸਾਬਕਾ ਐੱਸ. ਐੱਸ. ਪੀ. ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਸਾਬਕਾ ਐੱਸ. ਐੱਸ. ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਧਾਰਾ-365 ‘ਚ 5 ਸਾਲ ਦੀ ਕੈਦ, 50 ਹਜ਼ਾਰ ਜੁਰਮਾਨਾ ਅਤੇ ਧਾਰਾ-120 ਬੀ ‘ਚ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਦੋਸ਼ੀ ਨੂੰ ਵੀ. ਸੀ. ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਉਕਤ ਸਜ਼ਾਵਾਂ ਇਕੱਠਿਆਂ ਹੀ ਚੱਲਣਗੀਆਂ। ਅਦਾਲਤ ਨੇ ਪਹਿਲਾਂ ਹੀ ਗੁਰਮੀਤ ਸਿੰਘ ਰੰਧਾਵਾ ਨੂੰ ਉਕਤ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਸਜ਼ਾ ਦਾ ਐਲਾਨ ਕੀਤਾ ਹੈ। ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਲੁਧਿਆਣਾ ਦੇ ਮਸ਼ਹੂਰ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਲੁਧਿਆਣਾ ਵਿਖੇ ਇੱਕ ਵਿਆਹ ਸਮਾਗਮ ਦੇ ਦੌਰਾਨ ਪੁਲਸ ਟੀਮ ਵੱਲੋਂ ਜ਼ਬਰਦਸਤੀ ਚੁੱਕ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਸਕਰੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਭੇਤਭਰੇ ਹਾਲਾਤ ‘ਚ ਲਾਪਤਾ ਹੋ ਗਏ।ਪਰਿਵਾਰ ਵੱਲੋਂ ਇਨਸਾਫ਼ ਲਈ ਲੰਬੇ ਸਮੇਂ ਤੱਕ ਕਾਨੂੰਨੀ ਲੜਾਈ ਲੜੀ ਗਈ। ਪੁਲਸ ਪ੍ਰਸ਼ਾਸਨ ਅਤੇ ਸਥਾਨਕ ਕਾਰਵਾਈ ਤੋਂ ਨਿਰਾਸ਼ ਹੋ ਕੇ ਜਦੋਂ ਇਹ ਮਾਮਲਾ ਉੱਚ ਅਦਾਲਤਾਂ ਦੇ ਧਿਆਨ ‘ਚ ਆਇਆ ਤਾਂ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਤਫ਼ਤੀਸ਼ ਕੇਂਦਰੀ ਜਾਂਚ ਏਜੰਸੀ (ਸੀ. ਬੀ. ਆਈ.) ਦੇ ਹਵਾਲੇ ਕੀਤੀ ਗਈ ਸੀ। ਸੀ. ਬੀ. ਆਈ. ਨੇ ਆਪਣੀ ਤਫ਼ਤੀਸ਼ ਦੌਰਾਨ ਪਾਇਆ ਸੀ ਕਿ ਘਟਨਾ ਦੇ ਸਮੇਂ ਪੁਲਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਅਤੇ ਹੋਰ ਪੁਲਸ ਕਰਮਚਾਰੀ ਇਸ ਗੈਰ-ਕਾਨੂੰਨੀ ਹਿਰਾਸਤ ਅਤੇ ਅਗਵਾ ਦੀ ਕਾਰਵਾਈ ‘ਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਸੀ. ਬੀ. ਆਈ. ਨੇ ਅਦਾਲਤ ‘ਚ ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਪੇਸ਼ ਕੀਤੇ। ਲੰਬੀ ਸੁਣਵਾਈ ਅਤੇ ਦੋਵਾਂ ਧਿਰਾਂ ਦੀਆਂ ਬਹਿਸਾਂ ਸੁਣਨ ਤੋਂ ਬਾਅਦ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਪੁਲਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ। ਦੂਜੇ ਪਾਸੇ ਮਾਮਲੇ ਦੇ ਦੂਜੇ ਨਾਮਜ਼ਦ ਪਰਮਿੰਦਰਜੀਤ ਸਿੰਘ ਖ਼ਿਲਾਫ਼ ਪੂਰੇ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ। ਪੀੜਤ ਪਰਿਵਾਰ ਪਿਛਲੇ 34 ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰ ਦੇ ਇਨਸਾਫ਼ ਲਈ ਅਦਾਲਤਾਂ ਦੇ ਚੱਕਰ ਕੱਟ ਰਿਹਾ ਸੀ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਰਾਹਤ ਦਾ ਸਾਹ ਲਿਆ ਹੈ, ਦੋਸ਼ੀ ਨੂੰ ਵੀਰਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।ਇਹ ਫ਼ੈਸਲਾ ਪੰਜਾਬ ਪੁਲਸ ਦੇ ਉਸ ਦੌਰ ਨਾਲ ਜੁੜੇ ਮਾਮਲਿਆਂ ‘ਚ ਇੱਕ ਅਹਿਮ ਮੀਲ ਦਾ ਪੱਥਰ ਮੰਨਿਆ ਜਾ ਰਿਹਾ ਹੈ, ਜਿੱਥੇ ਗੈਰ-ਕਾਨੂੰਨੀ ਹਿਰਾਸਤ ਅਤੇ ਲਾਪਤਾ ਕਰਨ ਦੇ ਮਾਮਲਿਆਂ ‘ਚ ਲੰਬੇ ਸਮੇਂ ਬਾਅਦ ਜਵਾਬਦੇਹੀ ਤੈਅ ਕੀਤੀ ਗਈ ਹੈ।

