Voices of rebellion against Pakistan in PoK, challenge to Asim Munir
PoK ’ਚ ਪਾਕਿ ਦੇ ਖਿਲਾਫ ਬਗ਼ਾਵਤ ਦੇ ਸੁਰ, ਆਸਿਮ ਮੁਨੀਰ ਨੂੰ ਲਲਕਾਰ
ਰਾਵਲਕੋਟ (ਆਵਾਜ਼ਿ ਕੌਮ ਬਿਊਰੋ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਹਾਲਾਤ ਲਗਾਤਾਰ ਤਣਾਅਪੂਰਨ ਹੁੰਦੇ ਜਾ ਰਹੇ ਹਨ। ਆਪਣੇ ਹੱਕ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਲੋਕਾਂ ਅਤੇ ਪਾਕਿਸਤਾਨੀ ਸੁਰੱਖਿਆ ਫੋਰਸਾਂ ਦੇ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਨੇ ਸਿੱਧੇ ਪਾਕਿਸਤਾਨ ਦੇ ਫੌਜ ਪ੍ਰਮੁੱਖ ਅਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਚਿੱਠੀ ਲਿਖ ਕੇ ਜਵਾਬ ਮੰਗਿਆ ਹੈ। ਸੰਗਠਨ ਨੇ ਫੌਜੀ ਕਾਰਵਾਈ ਤੁਰੰਤ ਰੋਕਣ, ਇਲਾਕੇ ਤੋਂ ਸੁਰੱਖਿਆ ਫੋਰਸਾਂ ਨੂੰ ਹਟਾਉਣ ਅਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਲੋਕਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਕਮੇਟੀ ਦਾ ਦਾਅਵਾ ਹੈ ਕਿ ਜੂਨ 2026 ਵਿਚ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਮੇਟੀ ਨੇ ਪਾਕਿਸਤਾਨੀ ਸੁਰੱਖਿਆ ਫੋਰਸਾਂ ’ਤੇ ਪ੍ਰਦਰਸ਼ਨਕਾਰੀਆਂ ਖਿਲਾਫ਼ ਲੋੜ ਤੋਂ ਜ਼ਿਆਦਾ ਤਾਕਤ ਇਸਤੇਮਾਲ ਕਰਨ ਦਾ ਦੋਸ਼ ਲਾਇਆ ਹੈ। ਸੰਗਠਨ ਨੇ ਪਾਕਿਸਤਾਨ ਦੇ ਸਿਆਸੀ ਅਤੇ ਫੌਜੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਤਾਕਤ ਦੇ ਇਸਤੇਮਾਲ ਦੀ ਬਜਾਏ ਗੱਲਬਾਤ ਦਾ ਰਸਤਾ ਅਪਣਾਇਆ ਜਾਵੇ। 5 ਨਵੰਬਰ ਨੂੰ ਆਈਆਂ ਰਿਪੋਰਟਾਂ ਦੇ ਮੁਤਾਬਕ, ਪਾਕਿਸਤਾਨੀ ਸੁਰੱਖਿਆ ਫੋਰਸਾਂ ਨੇ ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਦੇ ਕੈਂਪਾਂ ਨੂੰ ਹਟਾਉਣ ਲਈ ਮੁਹਿੰਮ ਚਲਾਈ ਸੀ। ਇਸ ਕਾਰਵਾਈ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਅਤੇ ਕਰੀਬ 23 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਆਈ ਸੀ। ਦੂਜੇ ਪਾਸੇ, ਪਾਕਿਸਤਾਨੀ ਪੁਲਸ ਨੇ ਅੰਦੋਲਨ ਨਾਲ ਜੁੜੇ ਲੋਕਾਂ ’ਤੇ ਕਾਨੂੰਨ ਲਾਗੂ ਕਰਾਉਣ ਵਾਲੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ ਹੈ।

