Light snowfall in high-altitude areas of Kashmir and Ladakh; rain expected over the next 2 days
ਕਸ਼ਮੀਰ ਤੇ ਲੱਦਾਖ ਦੇ ਉੱਚੇ ਇਲਾਕਿਆਂ ’ਚ ਹਲਕੀ ਬਰਫ਼ਬਾਰੀ, ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)-ਕਸ਼ਮੀਰ ਤੇ ਲੱਦਾਖ ਦੇ ਉਚਾਈ ਵਾਲੇ ਇਲਾਕਿਆਂ ਵਿਚ ਬੁੱਧਵਾਰ ਨੂੰ ਹਲਕੀ ਬਰਫ਼ਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ਵਿਚ ਹਲਕਾ ਮੀਂਹ ਦਰਜ ਕੀਤਾ ਗਿਆ। ਇਸ ਸਬੰਧ ਵਿਚ ਮੌਸਮ ਵਿਗਿਆਨ ਕੇਂਦਰ, ਸ਼੍ਰੀਨਗਰ ਨੇ ਅਗਲੇ 2 ਦਿਨਾਂ ਦੌਰਾਨ ਜੰਮੂ-ਕਸ਼ਮੀਰ ਵਿਚ ਹੋਰ ਮੀਂਹ ਪੈਣ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਬਾਂਦੀਪੋਰਾ, ਸੋਨਮਰਗ, ਗੁਲਮਰਗ ਦੇ ਕਾਂਗਡੋਰੀ, ਗੁਮਰੀ, ਮੀਨਾਮਰਗ ਤੇ ਦਰਾਸ ਵਿਚ ਹਲਕੀ ਬਰਫ਼ਬਾਰੀ ਹੋਈ। ਮੌਸਮ ਵਿਗਿਆਨ ਕੇਂਦਰ ਨੇ 12 ਤੇ 13 ਨਵੰਬਰ ਨੂੰ ਮੈਦਾਨੀ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਅਤੇ ਉਚਾਈ ਵਾਲੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ ਦਾ ਅੰਦਾਜ਼ਾ ਲਾਇਆ ਹੈ। ਕੁਪਵਾੜਾ ਤੇ ਬਾਂਦੀਪੋਰਾ ਦੇ ਉਚਾਈ ਵਾਲੇ ਇਲਾਕਿਆਂ ਵਿਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 12 ਤੇ 13 ਨਵੰਬਰ ਦੌਰਾਨ ਦਿਨ ਦੇ ਤਾਪਮਾਨ ਵਿਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਵੱਡੀ ਗਿਰਾਵਟ ਆ ਸਕਦੀ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਹਨੇਰੀ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।

