3 companies of CRPF deployed in border areas ahead of Punjab Assembly elections
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਇਲਾਕਿਆਂ ’ਚ ਸੀ. ਆਰ. ਪੀ. ਐੱਫ. ਦੀਆਂ 3 ਕੰਪਨੀਆਂ ਤਾਇਨਾਤ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਰਹੱਦੀ ਇਲਾਕਿਆਂ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਸਾਂਝੀ ਕਰਨ ਵਾਲੇ ਪੰਜਾਬ ’ਚ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ, ਘੁਸਪੈਠ ਜਾਂ ਅਮਨ-ਕਾਨੂੰਨ ਵਿਗਾੜਨ ਦੀ ਕੋਸ਼ਿਸ਼ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਖ਼ਾਸ ਤੌਰ ’ਤੇ ਸਰਹੱਦੀ ਜ਼ਿਲਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੰਵੇਦਨਸ਼ੀਲ ਇਲਾਕਿਆਂ ’ਚ ਪੈਰਾ ਮਿਲਟਰੀ ਫੋਰਸ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ’ਚ ਸੀ. ਆਰ. ਪੀ. ਐੱਫ. ਦੀਆਂ 3 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਆਉਣ ਵਾਲੇ ਦਿਨਾਂ ’ਚ ਵਾਧੂ ਕੰਪਨੀਆਂ ਨੂੰ ਵੀ ਇੱਥੇ ਭੇਜਿਆ ਜਾਵੇਗਾ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਅਤੇ ਆਸ-ਪਾਸ ਦੇ ਸੰਵੇਦਨਸ਼ੀਲ ਖੇਤਰਾਂ ’ਚ ਸੁਰੱਖਿਆ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸੀ. ਆਰ. ਪੀ. ਐੱਫ. ਦੀਆਂ 3 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਖ਼ੁਦ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਉਨ੍ਹਾਂ ਦੀ ਡਿਊਟੀ ਅਤੇ ਜ਼ਿੰਮੇਵਾਰੀਆਂ ਸਬੰਧੀ ਬ੍ਰੀਫ ਕੀਤਾ। ਉਨ੍ਹਾਂ ਨੇ ਜਵਾਨਾਂ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਵਰਤਣ, ਸੁਰੱਖਿਆ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਸਥਾਨਕ ਪੁਲਸ ਨਾਲ ਬਿਹਤਰ ਤਾਲਮੇਲ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਪਾਕਿਸਤਾਨ ਵੱਲੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ’ਤੇ ਪੰਜਾਬ ’ਚ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਰਹੀਆਂ ਹਨ। ਅਜਿਹੇ ’ਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਭੂਗੋਲਿਕ ਸਥਿਤੀ ਅਤੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਕਾਰਨ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਪ੍ਰਬੰਧ ਹਮੇਸ਼ਾ ਮਹੱਤਵਪੂਰਨ ਰਹਿੰਦੇ ਹਨ। ਪ੍ਰਸ਼ਾਸਨ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਚੋਣ ਪ੍ਰਕਿਰਿਆ ਸ਼ਾਂਤੀਪੂਰਨ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ ’ਚ ਨੇਪਰੇ ਚੜ੍ਹੇ। ਵਾਧੂ ਕੇਂਦਰੀ ਬਲਾਂ ਦੀ ਤਾਇਨਾਤੀ ਨਾਲ ਸਰਹੱਦੀ ਖੇਤਰਾਂ ’ਚ ਸੁਰੱਖਿਆ-ਵਿਵਸਥਾ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

