Ahead of the protest in Ladakh, Wangchuk alleges he has been placed under house arrest
ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ
ਲੇਹ (ਆਵਾਜ਼ਿ ਕੌਮ ਬਿਊਰੋ)-ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ‘ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਦੋਸ਼ ਲਗਾਇਆ ਕਿ ਉਸ ਨੂੰ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ ਅਤੇ ਲੱਦਾਖ ‘ਚ ਉਸ ਦੇ ਘਰ ਦੇ ਬਾਹਰ ਲਗਭਗ 25 ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਲੇਹ ਐਪੈਕਸ ਬਾਡੀ (LAB) ਦੇ ਕ ਮੁੱਖ ਮੈਂਬਰ ਵਾਂਗਚੁਕ ਨੇ ਕਿਹਾ ਕਿ ਉਹ ਆਪਣੀ ਆਵਾਜਾਈ ‘ਤੇ ਪਾਬੰਦੀਆਂ ਨੂੰ ਮੈਜਿਸਟਰੇਟ, ਹਾਈ ਕੋਰਟ ਅਤੇ ਸੁਪਰੀਮ ਕੋਰਟ ਸਮੇਤ ਉੱਚਿਤ ਕਾਨੂੰਨੀ ਮੰਚਾਂ ‘ਤੇ ਚੁਣੌਤੀ ਦੇਣਗੇ। ਉਨ੍ਹਾਂ ਸਵਾਲ ਕੀਤਾ ਕਿ ਕਿਸੇ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕੀਤੇ ਬਿਨਾਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲੈਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ। ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ ‘X’ ਅਤੇ ਫੇਸਬੁੱਕ ਸਮੇਤ ਹੋਰ ਖਾਤਿਆਂ ‘ਤੇ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ ‘ਚ ਵਾਂਗਚੁਕ ਨੇ ਕਿਹਾ ਕਿ ਬੁੱਧਵਾਰ ਰਾਤ ਤੋਂ ਉਸ ਦੇ ਘਰ ਦੇ ਬਾਹਰ ਕਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਉੱਥੇ ਕਈ ਵਾਹਨ ਅਤੇ ਤੰਬੂ ਵੀ ਲਗਾਏ ਗਏ ਹਨ। ਵਾਂਗਚੁਕ ਨੇ ਦੋਸ਼ ਲਗਾਇਆ ਕਿ ਦਿਨ ਭਰ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਹਥਿਆਰਬੰਦ ਸੈਨਿਕ ਤਾਇਨਾਤ ਕੀਤੇ ਗਏ ਸਨ, ਜੋ ਉਨ੍ਹਾਂ ਦੀ ਆਵਾਜਾਈ ਨੂੰ ਸੀਮਿਤ ਕਰਦੇ ਸਨ। ਵਾਂਗਚੁਕ ਨੇ ਅਧਿਕਾਰੀਆਂ ਦੇ ਕਥਿਤ ਦਾਅਵੇ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਸਿਰਫ਼ “ਘਰ ਰਹਿਣ” ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਇਸ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦੀ ਭਾਰੀ ਤਾਇਨਾਤੀ ਅਮਲੀ ਤੌਰ ‘ਤੇ ਘਰ ‘ਚ ਨਜ਼ਰਬੰਦੀ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਹੋਰ ਕਾਰਕੁਨ, ਜਿਨ੍ਹਾਂ ‘ਚ LAB ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (KDA) ਦੇ ਨੇਤਾ ਸ਼ਾਮਲ ਹਨ, ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਲਈ ਦਬਾਅ ਪਾਉਣ ਲਈ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਸਨ। ਇਸ ਕਾਰਨ ਉਨ੍ਹਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ। ਇਨ੍ਹਾਂ ਮੰਗਾਂ ‘ਚ 4 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਚੋਣਾਂ ਦਾ ਸਮਾਂ ਸ਼ਾਮਲ ਸੀ। ਵਾਂਗਚੁਕ ਨੇ ਕਿਹਾ ਕਿ ਸਰਦੀਆਂ ਦੌਰਾਨ ਚੋਣਾਂ ਕਰਵਾਉਣਾ “ਅਸਵੀਕਾਰਨਯੋਗ” ਸੀ, ਕਿਉਂਕਿ ਉਸ ਸਮੇਂ ਲੱਦਾਖ ਦੀ ਆਬਾਦੀ ਦਾ ਇਕ ਵੱਡਾ ਹਿੱਸਾ ਖੇਤਰ ਤੋਂ ਬਾਹਰ ਹੋਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਹਾੜੀ ਵਿਕਾਸ ਕੌਂਸਲਾਂ ਨੂੰ ਬੇਅਸਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਅਸਲ ਸ਼ਕਤੀਆਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਕਾਰਕੁਨ ਨੇ ਪਿਛਲੇ ਸਾਲ 24 ਸਤੰਬਰ ਨੂੰ ਵਾਪਰੀ ਘਟਨਾ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਤੌਰ ‘ਤੇ ਜਾਰੀ ਕਰਨ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੱਦਾਖ ‘ਚ ਵੱਖ-ਵੱਖ ਥਾਵਾਂ ‘ਤੇ ਸਫਲ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ। ਸਮਰਥਨ ਦੀ ਅਪੀਲ ਕਰਦੇ ਹੋਏ ਵਾਂਗਚੁਕ ਨੇ ਕਿਹਾ ਕਿ ਲੱਦਾਖ ਦੇ ਲੋਕ ਹਮੇਸ਼ਾ ਭਾਰਤ ਦੀ ਨੌਜਵਾਨ ਪੀੜ੍ਹੀ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਸੈਨਿਕਾਂ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਲੱਦਾਖ ਦੇ ਸੰਘਰਸ਼ ਨਾਲ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੱਦਾਖ ਪੁਲਸ ਨੇ ਵਾਂਗਚੁਕ ਵਿਰੁੱਧ ਕੀਤੀ ਗਈ ਸਾਵਧਾਨੀ ਕਾਰਵਾਈ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਮੁੱਖ ਚੋਣ ਅਧਿਕਾਰੀ ਅਤੇ ਲੇਹ ਦੇ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਕੀਤੇ ਗਏ ਮਨਾਹੀ ਦੇ ਆਦੇਸ਼ਾਂ ਦੇ ਅਨੁਸਾਰ ਸੀ। ਪੁਲਿਸ ਨੇ ਕਿਹਾ ਕਿ ਇਹ ਹੁਕਮ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਲੇਹ ਨਗਰਪਾਲਿਕਾ ਖੇਤਰ ਦੇ ਅੰਦਰ ਜਨਤਕ ਰੈਲੀਆਂ, ਵਿਰੋਧ ਪ੍ਰਦਰਸ਼ਨਾਂ ਅਤੇ ਹੋਰ ਜਨਤਕ ਇਕੱਠਾਂ ਨੂੰ ਨਿਯਮਿਤ ਕਰਨ ਲਈ ਜਾਰੀ ਕੀਤੇ ਗਏ ਸਨ।

