Phone and network services being used by gangsters lodged in jails should be shut down: Randhawa
ਜੇਲ੍ਹਾਂ ’ਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਫੋਨ ਤੇ ਨੈੱਟਵਰਕ ਬੰਦ ਕਰਵਾਏ ਜਾਣ : ਰੰਧਾਵਾ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਸੂਬੇ ’ਚ ਗੈਂਗਸਟਰ ਪਟਾਕਿਆਂ ਵਾਂਗ ਗੋਲੀਆਂ ਚਲਾ ਰਹੇ ਹਨ। ਇਹ ਸਥਿਤੀ ਚਿੰਤਾਜਨਕ ਹੈ ਅਤੇ ਇਸ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਜਪਾਲ ਕੇਂਦਰ ਸਰਕਾਰ ਦੇ ਨੁਮਾਇੰਦੇ ਹਨ, ਇਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਨੀ ਚਾਹੀਦੀ ਹੈ ਕਿ ਆਸਾਮ ਅਤੇ ਗੁਜਰਾਤ ਦੀਆਂ ਜੇਲਾਂ ’ਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਫ਼ੋਨ ਅਤੇ ਨੈੱਟਵਰਕ ਤੁਰੰਤ ਬੰਦ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜਿਸ ਦਿਨ ਇਨ੍ਹਾਂ ਜੇਲ੍ਹਾਂ ਤੋਂ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਫ਼ੋਨ ਅਤੇ ਨੈੱਟਵਰਕ ਬੰਦ ਹੋ ਜਾਣਗੇ, ਉਸ ਦਿਨ ਪੰਜਾਬ ’ਚ ਅਪਰਾਧ ਦੀਆਂ ਘਟਨਾਵਾਂ ਵੀ ਰੁਕ ਜਾਣਗੀਆਂ।

