Punjab: Major directive issued ahead of elections; strict orders given to officials
ਪੰਜਾਬ : ਚੋਣਾਂ ਤੋਂ ਪਹਿਲਾਂ ਜਾਰੀ ਹੋਇਆ ਵੱਡਾ ਫ਼ਰਮਾਨ, ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਹੁਕਮ
ਪਟਿਆਲਾ (ਆਵਾਜ਼ਿ ਕੌਮ ਬਿਊਰੋ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਮੁੜ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਪ੍ਰਕਿਰਿਆ ਦੌਰਾਨ ਅਸਲਾ ਚੁੱਕਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਏ. ਡੀ. ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡ ਨੰਬਰ-1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਲਈ ਮੁੜ ਚੋਣਾਂ ਦੇ ਸਬੰਧੀ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਅਤੇ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ।

