Sukhbir Badal entrusts a major responsibility to Bibi Jagir Kaur following her return to the Akali Dal
ਅਕਾਲੀ ਦਲ ‘ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਕਪੂਰਥਲਾ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਹਨ। ਹਲਕਾ ਭੁਲੱਥ ਦੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚ ਮੁੜ ਸ਼ਾਮਲ ਕੀਤਾ। ਬੀਬੀ ਜਗੀਰ ਕੌਰ ਦੀ ਪਾਰਟੀ ‘ਚ ਘਰ ਵਾਪਸੀ ਮਗਰੋਂ ਹੁਣ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਭੁਲੱਥ ਦਾ ਇੰਚਾਰਜ ਥਾਪ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ। ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਅੱਜ ਬੇਗੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਜੀ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਲ ਕਰਦਿਆਂ ਅਤੇ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਖ਼ੁਸ਼ੀ ਹੋ ਰਹੀ ਹੈ। ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਨਾਲ ਦੋਆਬਾ ਖੇਤਰ ‘ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਜੁੱਟ ਹੋਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਬੀਬੀ ਦੀ ਜਿੱਤ ਯਕੀਨੀ ਬਣਾਉਣ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਚੱਲ ਰਹੇ ਮੱਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ ‘ਪੁਨੀਰ ਸੁਰਜੀਤ’ ਨਾਲ ਚੱਲ ਰਹੇ ਸਨ। ਹਾਲਾਂਕਿ ਹੁਣ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਦੀ ਕਰਵਾਈ ਗਈ ਇਸ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨੂੰ ਪਾਰਟੀ ਪ੍ਰਧਾਨ ਦੀ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ ‘ਚ ਇਕ ਵੱਡੀ ਸਫ਼ਲਤਾ ਵਜੋਂ ਵੀ ਵੇਖਿਆ ਜਾ ਰਿਹਾ ਹੈ। ਭਾਰੀ ਇਕੱਠ ਨੂੰ ਸੰਬੋਧਨ ਕਰਦੇ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਕ ਦੂਰਅੰਦੇਸ਼ ਨੇਤਾ ਦੱਸਿਆ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਦਿਆਂ ਉਨ੍ਹਾਂ ਵੱਲੋਂ ਚਲਾਈ ਗਈ ‘ਨੰਨ੍ਹੀ ਛਾਂ’ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ‘ਚ ਪੰਜਾਬ ਨੂੰ ਉੱਜੜਨ ਤੋਂ ਬਚਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ ‘ਚ ਲਿਆਉਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਖੇਤਰ ‘ਚ ਵਿਕਾਸ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਕਿਹਾ ਕਿ ਇਸ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ ਸਿਰਫ਼ ਇਸ਼ਤਿਹਾਰਬਾਜ਼ੀ ‘ਤੇ ਹੀ ਖ਼ਰਚ ਕਰ ਦਿੱਤੇ ਹਨ, ਜਦਕਿ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਕਈ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਭੁਲੱਥ ਹਲਕੇ ਦੇ ਲੋਕਾਂ ਨੂੰ ਬੀਬੀ ਜਗੀਰ ਕੌਰ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਵਿਧਾਇਕ ਬਣਾਉਣ ਦੀ ਅਪੀਲ ਵੀ ਕੀਤੀ।

