Horrifying accident in Punjab! Tragedy strikes a family returning from a wedding; 4 lives lost
ਪੰਜਾਬ ‘ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 4 ਜੀਆਂ ਦੀ ਗਈ ਜਾਨ
ਫਾਜ਼ਿਲਕਾ (ਆਵਾਜ਼ਿ ਕੌਮ ਬਿਊਰੋ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਪਿੰਡ ਬਹਕ ਖ਼ਾਸ ਦੇ ਨੇੜੇ ਇਕ ਸੜਕ ਹਾਦਸਾ ਵਾਪਰਿਆ ਹੈ। ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਦੀ ਕਰੂਜ਼ਰ ਗੱਡੀ ਦੀ ਪਿਕਅੱਪ ਨਾਲ ਟੱਕਰ ਹੋ ਗਈ। ਜਿਸ ਵਿੱਚ ਕਰੂਜ਼ਰ ਚਕਨਾਚੂਰ ਹੋ ਗਈ ਹੈ। ਇਸ ਹਾਦਸੇ ਵਿਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ ਹੈ। ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਵੀ ਪਹੁੰਚ ਗਈ ਅਤੇ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਮ੍ਰਿਤਕਾਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਜਲਾਲਾਬਾਦ ਦੇ ਪਿੰਡ ਟਿਵਾਨਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਪਰਿਵਾਰ ਦੇ ਲਗਭਗ 13 ਲੋਕ ਕਰੂਜ਼ਰ ਗੱਡੀ ਵਿਚ ਸਵਾਰ ਹੋ ਕੇ ਫ਼ਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਚ ਆਪਣੇ ਚਾਚੇ ਦੇ ਲੜਕੇ ਦੇ ਵਿਆਹ ਵਿਚ ਆਏ ਸਨ। ਜੋ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਕਿ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਪਿੰਡ ਬਹਕ ਖ਼ਾਸ ਕੋਲ ਪਿਕਅੱਪ ਗੱਡੀ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਕਨਾਚੂਰ ਹੋ ਗਈ। ਇਸ ਹਾਦਸੇ ਵਿਚ ਉਨ੍ਹਾਂ ਦੇ ਪਰਿਵਾਰ ਦੇ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸੰਦੀਪ ਸਿੰਘ ਦੇ ਮੁਤਾਬਕ ਉਸ ਦੇ ਭਤੀਜੇ ਅਤੇ ਭਤੀਜੀ ਦੋਵਾਂ ਦੀ ਮੌਤ ਹੋ ਗਈ। ਉੱਥੇ ਹੀ ਗੱਡੀ ਵਿਚ ਸਵਾਰ ਪਰਿਵਾਰ ਦੀ ਮਾਤਾ ਅਤੇ ਡਰਾਈਵਰ ਦੀ ਵੀ ਮੌਤ ਹੋ ਗਈ। ਜਦਕਿ ਬਾਕੀ ਵੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਮੌਕੇ ‘ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਆਤਮਾਰਾਮ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਦਸਾ ਬਹੁਤ ਦਰਦਨਾਕ ਸੀ। ਕਈ ਲੋਕਾਂ ਦੀ ਮੌਤ ਵੀ ਹੋਈ ਹੈ। ਸਬੰਧਤ ਥਾਣੇ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਹੁਣ ਜਾਂਚ ਕੀਤੀ ਜਾਵੇਗੀ।

