‘Khalistan Zindabad’ slogans echoed on the streets of Southall; supporters waved flags
ਸਾਊਥਾਲ ਦੀਆਂ ਸੜਕਾਂ ’ਤੇ ਗੂੰਜੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਸਮਰਥਕਾਂ ਨੇ ਲਹਿਰਾਏ ਝੰਡੇ
ਸਾਊਥਾਲ (ਆਵਾਜ਼ਿ ਕੌਮ ਬਿਊਰੋ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਨਗਰ ਕੀਰਤਨ ਦੌਰਾਨ ਖ਼ਾਲਿਸਤਾਨ ਸਮਰਥਕਾਂ ਵੱਲੋਂ ਖ਼ਾਲਿਸਤਾਨ ਦੇ ਝੰਡੇ ਲਹਿਰਾਉਣ ਅਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਨਾਲ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਮੁੱਦਾ ਵੀ ਉਭਰ ਕੇ ਸਾਹਮਣੇ ਆਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਰਸਤਾ ਗੁਰੂ ਨਾਨਕ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਕਿੰਗ ਸਟਰੀਟ, ਦਿ ਗ੍ਰੀਨ, ਸਾਊਥ ਰੋਡ, ਰਾਹੀਂ ਪਾਰਕ ਐਵੇਨਿਊ ਗੁਰਦੁਆਰਾ ਸਾਹਿਬ ਤੱਕ ਰੱਖਿਆ ਗਿਆ। ਮੀਂਹ ਦੇ ਬਾਵਜੂਦ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਵਾਹਿਗੁਰੂ ਦੇ ਜਾਪ ਨਾਲ ਸਮੁੱਚਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ । ਸੰਗਤਾਂ ਵੱਲੋਂ ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਅਤੇ ਜਲ-ਪਾਣੀ ਦੀ ਸੇਵਾ ਦਾ ਪ੍ਰਬੰਧ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਇਸ ਨਗਰ ਕੀਰਤਨ ਦੀ ਮੁੱਖ ਪ੍ਰੇਰਨਾ ਰਿਹਾ। ਇਸ ਮੌਕੇ ਖ਼ਾਲਿਸਤਾਨ ਸਮਰਥਕਾਂ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਸਿੱਖਾਂ ਨਾਲ ਹੋਈਆਂ ਬੇਇਨਸਾਫ਼ੀਆਂ ਨੂੰ ਵੀ ਯਾਦ ਕੀਤਾ ਗਿਆ। ਖ਼ਾਲਿਸਤਾਨੀ ਸਮਰਥਕਾਂ ਨੇ ‘ਸਿੱਖ ਨਸਲਕੁਸ਼ੀ ਦਾ ਇੱਕੋ-ਇੱਕ ਹੱਲ ਖ਼ਾਲਿਸਤਾਨ’ ਦਾ ਨਾਅਰਾ ਬੁਲੰਦ ਕਰਦਿਆਂ ਵੱਖਰੇ ਸਿੱਖ ਰਾਜ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਵੱਲੋਂ ਖ਼ਾਲਿਸਤਾਨ ਦੇ ਝੰਡੇ ਲਹਿਰਾ ਕੇ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਅਤੇ ਖ਼ਾਲਿਸਤਾਨ ਦੀ ਮੰਗ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਸੁਨੇਹਾ ਦਿੱਤਾ ਗਿਆ। ਖ਼ਾਲਿਸਤਾਨ ਸਮਰਥਕਾਂ ਦਾ ਕਹਿਣਾ ਸੀ ਕਿ ਨਵੰਬਰ 1984 ਵਿੱਚ ਸਿੱਖਾਂ ਵਿਰੁੱਧ ਹੋਏ ਕਤਲੇਆਮ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਸਿੱਖ ਕੌਮ ਦੀ ਸੁਰੱਖਿਆ, ਆਜ਼ਾਦੀ ਅਤੇ ਭਵਿੱਖ ਲਈ ਖ਼ਾਲਿਸਤਾਨ ਦੀ ਸਥਾਪਨਾ ਹੀ ਸਥਾਈ ਹੱਲ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਇਹ ਨਗਰ ਕੀਰਤਨ ਸਿੱਖ ਪੰਥ ਦੀ ਧਾਰਮਿਕ ਆਸਥਾ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੀ ਬਰਾਬਰੀ, ਪ੍ਰੇਮ, ਸੇਵਾ ਅਤੇ ਏਕਤਾ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਸਮਰਪਿਤ ਰਿਹਾ। ਇਸ ਦੇ ਨਾਲ ਹੀ ਖ਼ਾਲਿਸਤਾਨ ਸਮਰਥਕਾਂ ਦੀ ਹਾਜ਼ਰੀ ਨੇ ਸਿੱਖ ਨਸਲਕੁਸ਼ੀ ਦੀ ਯਾਦ ਅਤੇ ਸਿੱਖ ਕੌਮ ਦੇ ਸਿਆਸੀ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਵੀ ਚਰਚਾ ਵਿੱਚ ਲਿਆਂਦਾ।

