We will eliminate gangsterism from Punjab within three months: Sukhbir Badal
ਪੰਜਾਬ ‘ਚੋਂ ਤਿੰਨ ਮਹੀਨੇ ਦੇ ਅੰਦਰ ਅੰਦਰ ਗੈਂਗਸਟਰਵਾਦ ਖ਼ਤਮ ਕਰਾਂਗੇ : ਸੁਖਬੀਰ ਬਾਦਲ
ਮੌੜ ਮੰਡੀ (ਆਵਾਜ਼ਿ ਕੌਮ ਬਿਊਰੋ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਤਿੰਨ ਮਹੀਨੇ ਦੇ ਅੰਦਰ ਅੰਦਰ ਗੈਂਗਸਟਰਾਂ ਦਾ ਖਾਤਮਾ ਕੀਤਾ ਜਾਵੇਗਾ।’ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਤੁਹਾਡੀ ਗੱਲ, ਪੰਜਾਬ ਦਾ ਕੱਲ’ ਵਿਜ਼ਨ ਤਹਿਤ ਮੌੜ ਮੰਡੀ ਵਿਖੇ ਵਪਾਰੀ ਵਰਗ ਨਾਲ ਰੱਖੀ ਗਈ ਇਕ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਜਨਮੇਜ਼ਾ ਸਿੰਘ ਸੇਖੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਚਰਚਾ ਵੀ ਕੀਤੀ ਗਈ। ਬੀਤੇ ਦਿਨ ਪਾਰਟੀ ਵਰਕਰਾਂ ਵੱਲੋਂ ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਡੀ ਪੱਧਰ ਤੇ ਵਪਾਰੀਆਂ ਨੂੰ ਕਾਰਡ ਵੰਡ ਕੇ ਇਸ ਪ੍ਰੋਗਰਾਮ ’ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਸੀ ਤਾਂ ਜੋ ਵਪਾਰੀਆਂ ਤੋਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ, ਉਨ੍ਹਾਂ ਦੇ ਹੱਲ ਸਬੰਧੀ ਸੁਝਾਅ ਲੈਂਦੇ ਹੋਏ, ਕਾਰੋਬਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਪਹੁੰਚੇ ਵਪਾਰੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਵੀ ਕੀਤੀ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਅੰਦਰੋਂ ਤਿੰਨ ਮਹੀਨੇ ਦੇ ਅੰਦਰ ਅੰਦਰ ਗੈਂਗਸਟਰਵਾਦ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੇਖੋਂ ਅਤੇ ਬੀਬਾ ਬਾਦਲ ਦੀ ਅਗਵਾਈ ’ਚ ਹਲਕੇ ਦਾ ਫਿਰ ਤੋਂ ਚਹੁੰਮੁੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਪਾਰੀ ਵਰਗ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

