Ardas (prayer) offered at Sachkhand Sri Harmandir Sahib for the opening of the Sri Kartarpur Sahib Corridor
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਅਰਦਾਸ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਲੰਮੇ ਸਮੇਂ ਤੋਂ ਉਡੀਕ ਕਰ ਰਹੀਆਂ ਹਨ। ਇਸੇ ਸਬੰਧ ਵਿਚ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਅਮਰੀਕਾ ਦੇ ਨੈਸ਼ਵਿਲ, ਟੈਨੇਸੀ ਸਟੇਟ ਸਥਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕਮਲਕੀਰਤ ਸਿੰਘ ਗਰੇਵਾਲ ਅਤੇ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ , ਮਜੀਠਾ ਰੋਡ ਅੰਮ੍ਰਿਤਸਰ ਲਖਬੀਰ ਸਿੰਘ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਸੇਵਾਦਾਰ ਕਮਲਕੀਰਤ ਸਿੰਘ ਗਰੇਵਾਲ ਅਤੇ ਮੁੱਖ ਸੇਵਾਦਾਰ ਲਖਬੀਰ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ। ਇਸ ਪਵਿੱਤਰ ਧਰਤੀ ’ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਦੁਨੀਆ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਵਿਚ ਇਸ ਗੁਰਧਾਮ ਦੇ ਦਰਸ਼ਨਾਂ ਦੀ ਤਾਂਘ ਹੈ। ਉਨ੍ਹਾਂ ਸਰਕਾਰਾਂ ਅੱਗੇ ਅਪੀਲ ਕੀਤੀ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਲਈ ਆਪਸੀ ਸਹਿਮਤੀ ਨਾਲ ਸੁਹਿਰਦ ਯਤਨ ਕੀਤੇ ਜਾਣ, ਤਾਂ ਜੋ ਸ਼ਰਧਾਲੂ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰ ਸਕਣ। ਇਸ ਮੌਕੇ ਲੱਖ ਹਰਸੀਰਤ ਪਾਲ ਸਿੰਘ ਗਿੱਲ (ਅੰਗਦ) ਅਤੇ ਲੱਖ ਹਰਅਜੀਜ ਪਾਲ ਸਿੰਘ ਗਿੱਲ (ਅਗਮ ) ਵੀ ਮੌਜੂਦ ਸਨ।

