Congress will give an opportunity to new faces in Punjab: Sachin Pilot
ਪੰਜਾਬ ’ਚ ਨਵੇਂ ਚਿਹਰਿਆਂ ਨੂੰ ਮੌਕਾ ਦੇਵੇਗੀ ਕਾਂਗਰਸ : ਸਚਿਨ ਪਾਇਲਟ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੇ ਸ਼ਾਸਨ ਤੋਂ ਪ੍ਰੇਸ਼ਾਨ ਹੋ ਚੁੱਕੀ ਹੈ ਅਤੇ ਹੁਣ ਸੂਬੇ ’ਚ ਬਦਲਾਅ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਮਜ਼ਬੂਤ ਫਤਵੇ ਨਾਲ ਸੱਤਾ ’ਚ ਵਾਪਸੀ ਕਰੇਗੀ ਅਤੇ ਸੂਬੇ ਨੂੰ ਇਕ ਸਥਿਰ, ਬਿਹਤਰ ਅਤੇ ਲੋਕ-ਪੱਖੀ ਸਰਕਾਰ ਦੇਵੇਗੀ। ਜਲੰਧਰ ਵਿਖੇ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ’ਚ ਚੋਣ ਤਿਆਰੀਆਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਪਾਰਟੀ ਵੱਲੋਂ ਵੱਖ-ਵੱਖ ਪੱਧਰਾਂ ’ਤੇ ਸਰਵੇਖਣ ਕਰਵਾਏ ਜਾ ਰਹੇ ਹਨ, ਤਾਂ ਜੋ ਜਨਤਾ ਦੀ ਨਬਜ਼ ਨੂੰ ਸਮਝਿਆ ਜਾ ਸਕੇ ਅਤੇ ਮਜ਼ਬੂਤ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਟਿਕਟ ਵੰਡ ਦਾ ਆਧਾਰ ਸਿਰਫ਼ ਯੋਗਤਾ, ਜਨ ਸਮਰਥਨ ਅਤੇ ਚੋਣ ਜਿੱਤਣ ਦੀ ਸਮਰੱਥਾ ਹੋਵੇਗੀ। ਪਾਰਟੀ ’ਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੋਨੀਆ ਗਾਂਧੀ ਦੀ ਪੁਸਤਕ ਦੇ ਰਿਲੀਜ਼ ਸਮਾਰੋਹ ’ਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਸਵਾਲ ’ਤੇ ਪਾਇਲਟ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਗਾਂਧੀ ਪਰਿਵਾਰ ਨਾਲ ਚੰਗੇ ਸਬੰਧ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਸਤਕ ਰਿਲੀਜ਼ ਦਾ ਪ੍ਰੋਗਰਾਮ ਕੋਈ ਸਿਆਸੀ ਸਮਾਗਮ ਨਹੀਂ ਸੀ ਅਤੇ ਇਸ ਨੂੰ ਸਿਆਸੀ ਨਜ਼ਰੀਏ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ’ਤੇ ਪ੍ਰਤੀਕਿਰਿਆ ਦਿੰਦਿਆਂ ਪਾਇਲਟ ਨੇ ਇਸ ਨੂੰ ਸਫ਼ਲ ਦੱਸਿਆ ਅਤੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ’ਚ ਭਰਵਾਂ ਜਨ ਸਮਰਥਨ ਮਿਲ ਰਿਹਾ ਹੈ।

