Punjab: 2 men who went to the Tehsil office for land-related work die; family alleges murder
ਪੰਜਾਬ; ਜ਼ਮੀਨ ਦੇ ਕੰਮ ਲਈ ਤਹਿਸੀਲ ਗਏ 2 ਵਿਅਕਤੀਆਂ ਦੀ ਮੌਤ, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼
ਗੁਰੂ ਕਾ ਬਾਗ (ਆਵਾਜ਼ਿ ਕੌਮ ਬਿਊਰੋ)-ਡੇਰਾ ਬਾਬਾ ਨਾਨਕ-ਫ਼ਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਪਿੰਡ ਸ਼ਾਹਪੁਰ ਜਾਜਨ ਦੇ ਸੱਕੀ ਨਾਲੇ ਨੇੜੇ ਦੋ ਵਿਅਕਤੀਆਂ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਹਰਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਾਸੀ ਪੰਧੇਰ ਕਲਾਂ (ਹਲਕਾ ਮਜੀਠਾ, ਜ਼ਿਲਾ ਅੰਮ੍ਰਿਤਸਰ) ਵਜੋਂ ਹੋਈ ਹੈ। ਉੱਧਰ, ਮ੍ਰਿਤਕਾਂ ਦੇ ਪਰਿਵਾਰਾਂ ਨੇ ਇਸ ਘਟਨਾ ਨੂੰ ਹਾਦਸਾ ਨਹੀਂ, ਸਗੋਂ ਜ਼ਮੀਨੀ ਵਿਵਾਦ ਦੀ ਰੰਜਿਸ਼ ਤਹਿਤ ਕੀਤਾ ਗਿਆ ਕਤਲ ਦੱਸਦਿਆਂ ਗੰਭੀਰ ਦੋਸ਼ ਲਾਏ ਹਨ। ਮ੍ਰਿਤਕ ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚਾ ਪ੍ਰੀਤਮ ਸਿੰਘ ਅਤੇ ਹਰਿੰਦਰ ਸਿੰਘ ਬੀਤੇ ਦਿਨ ਡੇਰਾ ਬਾਬਾ ਨਾਨਕ ਤਹਿਸੀਲ ਗਏ ਸਨ, ਕਿਉਂਕਿ ਹਰਿੰਦਰ ਸਿੰਘ ਦੀ ਪਿੰਡ ਹਰਦੋਰਵਾਲ ਵਿਖੇ ਲੱਗਭਗ 6-7 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਪਿਛਲੇ ਦਿਨੀਂ ਪੁਲਸ ਦੀ ਮਦਦ ਨਾਲ ਜ਼ਮੀਨ ਦਾ ਕਬਜ਼ਾ ਲੈਣ ਦੀ ਕਾਰਵਾਈ ਕੀਤੀ ਜਾਣੀ ਸੀ। ਰਾਜਬੀਰ ਸਿੰਘ ਨੇ ਦੋਸ਼ ਲਾਇਆ ਕਿ ਜ਼ਮੀਨੀ ਵਿਵਾਦ ਦੀ ਰੰਜਿਸ਼ ਕਾਰਨ ਦੂਜੀ ਧਿਰ ਵੱਲੋਂ ਡੇਰਾ ਬਾਬਾ ਨਾਨਕ ਤੋਂ ਵਾਪਸ ਪਿੰਡ ਆਉਂਦੇ ਸਮੇਂ ਰਸਤੇ ਵਿਚ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਵਿਚ ਪਿੰਡ ਹਰਦੋਰਵਾਲ ਨਾਲ ਸਬੰਧਤ ਦੂਜੀ ਧਿਰ ਦੇ ਵਿਅਕਤੀ ਸ਼ਾਮਲ ਹਨ। ਪਰਿਵਾਰਾਂ ਨੇ ਪੁਲਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਇਸ ਮਾਮਲੇ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਤੋਂ ਫ਼ਤਿਹਗੜ੍ਹ ਚੂੜੀਆਂ ਵੱਲ ਜਾ ਰਹੇ ਦੋ ਵਿਅਕਤੀਆਂ ਦੀ ਰਸਤੇ ਵਿਚ ਮੌਤ ਹੋ ਗਈ ਸੀ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

