Advocate Harjinder Singh Dhami elected President of the Shiromani Committee for the sixth consecutive time
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
*ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹਨ ਧਾਮੀ; 1996 ਵਿੱਚ ਪਹਿਲੀ ਵਾਰ ਬਣੇ ਸਨ ਸ਼੍ਰੋਮਣੀ ਕਮੇਟੀ ਮੈਂਬਰ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਸਿੱਖ ਸੰਸਥਾ ਨਾਲ ਲੰਮੇ ਸਮੇਂ ਤੋਂ ਜੁੜੇ ਐਡਵੋਕੇਟ ਧਾਮੀ ਦਾ ਪੰਥਕ ਅਤੇ ਪ੍ਰਬੰਧਕੀ ਖੇਤਰ ਵਿੱਚ ਲੰਮਾ ਤਜਰਬਾ ਰਿਹਾ ਹੈ। ਸਾਲ 1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀ.ਏ. ਅਤੇ ਐਲ.ਐਲ.ਬੀ. ਪਾਸ ਹਨ। ਉਹ ਪਿਛਲੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਸਾਲ 1996 ਵਿੱਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਅਤੇ ਉਸ ਤੋਂ ਬਾਅਦ ਲਗਾਤਾਰ ਇਸ ਸੰਸਥਾ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਜ਼ਿੰਮੇਵਾਰੀਆਂ ਨਿਭਾਈਆਂ। ਐਡਵੋਕੇਟ ਧਾਮੀ ਸਾਲ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ। ਇਸ ਤੋਂ ਬਾਅਦ ਸਾਲ 2020 ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵਜੋਂ ਪ੍ਰਬੰਧਕੀ ਸੇਵਾਵਾਂ ਨਿਭਾਈਆਂ। ਨਵੰਬਰ 2021 ਵਿੱਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਲਗਾਤਾਰ ਛੇਵੀਂ ਵਾਰ ਇਸ ਅਹਿਮ ਅਹੁਦੇ ਲਈ ਚੁਣੇ ਗਏ ਹਨ। ਵਕਾਲਤ ਦੇ ਖੇਤਰ ਨਾਲ ਜੁੜੇ ਹੋਣ ਕਾਰਨ ਐਡਵੋਕੇਟ ਧਾਮੀ ਸਿੱਖ ਸੰਘਰਸ਼ ਨਾਲ ਸਬੰਧਤ ਯੋਧਿਆਂ ਦੇ ਕੇਸਾਂ ਦੀ ਪੈਰਵੀ ਵੀ ਕਰਦੇ ਰਹੇ ਹਨ। ਉਨ੍ਹਾਂ ਨੂੰ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਸਿੱਖ ਧਰਮ ਅਤੇ ਇਤਿਹਾਸ ਨਾਲ ਸਬੰਧਤ ਕਈ ਅਹਿਮ ਸ਼ਤਾਬਦੀਆਂ ਮਨਾਉਣ ਦਾ ਮੌਕਾ ਮਿਲਿਆ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੌਰਾਨ ਉਨ੍ਹਾਂ ਵੱਲੋਂ ਸੰਸਥਾ ਦੀ ਵਿੱਤੀ ਮਜ਼ਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਦੇ ਨਾਲ ਹੀ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸਕੀ ਸੇਵਾਵਾਂ ਵਿੱਚ ਜਾਣ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਵੀ ਉਪਰਾਲੇ ਕੀਤੇ ਗਏ। ਇਸੇ ਦਿਸ਼ਾ ਵਿੱਚ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਦੀ ਸਥਾਪਨਾ ਹੋਈ, ਜਿੱਥੇ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਤਿਆਰੀ ਕਰਵਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਇੱਕ ਹੋਰ ਪਛਾਣ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੰਥਕ ਸੰਸਥਾਵਾਂ ਨਾਲ ਤਾਲਮੇਲ ਬਣਾਈ ਰੱਖਣਾ ਹੈ। ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਮਸਲਿਆਂ ਅਤੇ ਸੰਸਥਾ ਨਾਲ ਸਬੰਧਤ ਵੱਖ-ਵੱਖ ਕਾਰਜਾਂ ਨੂੰ ਅੱਗੇ ਵਧਾਇਆ ਜਾਂਦਾ ਰਿਹਾ ਹੈ। ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ਨਾਲ ਉਨ੍ਹਾਂ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

