Preventing meetings with Youth Congress leaders in jail is living proof of the government’s authoritarianism: Pargat Singh
ਜੇਲ੍ਹ ’ਚ ਯੂਥ ਕਾਂਗਰਸ ਆਗੂਆਂ ਨਾਲ ਮਿਲਣ ਤੋਂ ਰੋਕਣਾ ਸਰਕਾਰ ਦੀ ਤਾਨਾਸ਼ਾਹੀ ਦਾ ਜਿਊਂਦਾ-ਜਾਗਦਾ ਸਬੂਤ: ਪਰਗਟ ਸਿੰਘ
ਪਟਿਆਲਾ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਯੂਥ ਕਾਂਗਰਸ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਰੋਕਣ ’ਤੇ ਭਗਵੰਤ ਮਾਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ’ਤੇ ਉਤਰ ਆਈ ਹੈ। ਸਰਕਾਰ ਨੂੰ ਨਾ ਲੋਕਤੰਤਰ ਦੀ ਕੋਈ ਪਰਵਾਹ ਹੈ ਅਤੇ ਨਾ ਹੀ ਲੋਕਾਂ ਦੇ ਅਧਿਕਾਰਾਂ ਦੀ। ਅੱਜ ਹਾਲਾਤ ਇਹ ਹਨ ਕਿ ਵਿਰੋਧੀ ਧਿਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਜੇਲ੍ਹ ਵਿਚ ਬੰਦ ਨੌਜਵਾਨਾਂ ਨਾਲ ਮਿਲਣ ਤੱਕ ਨਹੀਂ ਦਿੱਤਾ ਜਾ ਰਿਹਾ। ਪੁਲਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਰਕਾਰ ਨੇ ਸਿਆਸੀ ਬਦਲਾਖੋਰੀ ਦਾ ਹਥਿਆਰ ਬਣਾ ਦਿੱਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਸਿਰਫ਼ ਜੇਲ੍ਹ ਵਿਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਸਰਕਾਰ ਨੇ ਰੋਕ ਕੇ ਸਾਬਤ ਕਰ ਦਿੱਤਾ ਕਿ ਉਸ ਨੂੰ ਸੱਚ ਅਤੇ ਸਵਾਲਾਂ ਤੋਂ ਕਿੰਨਾ ਡਰ ਲੱਗਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪੀਸੀਐਸ ਭਰਤੀ ਪ੍ਰੀਖਿਆ ਵਿਚ ਬੇਨਿਯਮੀਆਂ ਦੀ ਨਿਰਪੱਖ ਜਾਂਚ ਦੀ ਮੰਗ ਕਰਨਾ ਕੀ ਕੋਈ ਗੁਨਾਹ ਹੈ? ਯੂਥ ਕਾਂਗਰਸ ਦੇ ਆਗੂ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਲੜ ਰਹੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ। ਪੀਸੀਐੱਸ ਭਰਤੀ ਹੀ ਨਹੀਂ, ਸਗੋਂ ਗਮਾਡਾ ਵਿਚ 10 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਤੋਂ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਵਿਚ ਵੀ ਇਸ ਤੋਂ ਵੱਡੇ ਘੁਟਾਲਿਆਂ ਦੇ ਮਾਮਲੇ ਸਾਹਮਣੇ ਆਏ ਹਨ। ਆਖ਼ਰ ਇਨ੍ਹਾਂ ਘੁਟਾਲਿਆਂ ਦੀ ਜ਼ਿੰਮੇਵਾਰੀ ਕੌਣ ਲਵੇਗਾ? ਭਗਵੰਤ ਮਾਨ ਜੀ, ਕੰਨ ਖੋਲ੍ਹ ਕੇ ਸੁਣ ਲਓ, ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਤੁਹਾਡੀਆਂ ਪੁਲਸ ਦੀਆਂ ਲਾਠੀਆਂ ਅਤੇ ਜੇਲ੍ਹਾਂ ਦੀਆਂ ਸਲਾਖਾਂ ਨਾਲ ਬੰਦ ਨਹੀਂ ਹੋਵੇਗੀ। ਜਿਨ੍ਹਾਂ ਲੋਕਾਂ ਨੇ ਭਰਤੀ ਪ੍ਰਕਿਰਿਆਵਾਂ ਵਿਚ ਬੇਨਿਯਮੀਆਂ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਉਨ੍ਹਾਂ ਨੂੰ ਜਵਾਬ ਦੇਣਾ ਪਵੇਗਾ। ਕਾਂਗਰਸ ਦੀ ਸਰਕਾਰ ਆਉਣ ’ਤੇ ਹਰ ਘੁਟਾਲੇ ਦੀਆਂ ਪਰਤਾਂ ਖੋਲ੍ਹੀਆਂ ਜਾਣਗੀਆਂ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਦੇ ਦੋਹਰੇ ਕਿਰਦਾਰ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਗਮਾਡਾ ਮਾਮਲੇ ਵਿਚ ਈਡੀ ਦੀ ਰੇਡ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਈਡੀ ਦਫ਼ਤਰ ਵਿਚ ਦਾਖ਼ਲ ਹੋ ਕੇ ਭੰਨਤੋੜ ਕੀਤੀ ਸੀ। ਉਸ ਸਮੇਂ ਪੁਲਸ ਕਿੱਥੇ ਮਰ ਗਈ ਸੀ? ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼?ਲਾਫ਼ ਕਾਰਵਾਈ ਕਿਉਂ ਨਹੀਂ ਹੋਈ? ਉਦੋਂ ਸੂਬੇ ਦਾ ਗ੍ਰਹਿ ਮੰਤਰੀ ਕਿੱਥੇ ਲੁਕਿਆ ਬੈਠਾ ਸੀ? ਕੀ ਕਾਨੂੰਨ ਸਿਰਫ਼ ਵਿਰੋਧੀ ਧਿਰ ਅਤੇ ਨੌਜਵਾਨਾਂ ਨੂੰ ਡਰਾਉਣ ਲਈ ਹੈ? ਸੱਤਾਧਾਰੀ ਪਾਰਟੀ ਦੇ ਵਰਕਰ ਕੁਝ ਵੀ ਕਰਨ ਤਾਂ ਸਭ ਮੁਆਫ਼ ਅਤੇ ਨੌਜਵਾਨ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਤਾਂ ਉਨ੍ਹਾਂ ’ਤੇ ਪਰਚੇ ਦਰਜ ਕਰ ਦਿੱਤੇ ਜਾਣ। ਇਹ ਕਿਹੋ ਜਿਹਾ ਕਾਨੂੰਨ ਅਤੇ ਕਿਹੋ ਜਿਹਾ ਇਨਸਾਫ਼ ਹੈ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਹਰਕਤਾਂ ਸਾਬਤ ਕਰਦੀਆਂ ਹਨ ਕਿ ਉਹ ਘੁਟਾਲਿਆਂ ’ਤੇ ਜਵਾਬ ਦੇਣ ਦੀ ਬਜਾਏ ਸਵਾਲ ਉਠਾਉਣ ਵਾਲਿਆਂ ਨੂੰ ਕੁਚਲਣਾ ਚਾਹੁੰਦੀ ਹੈ। ਪਰਗਟ ਸਿੰਘ ਨੇ ਲਲਕਾਰਦਿਆਂ ਕਿਹਾ, ‘‘ਭਗਵੰਤ ਮਾਨ ਜੀ, ਸਾਡੇ ਖ਼?ਲਾਫ਼ ਭਾਵੇਂ ਸੌ ਪਰਚੇ ਦਰਜ ਕਰ ਲਓ, ਅਸੀਂ ਡਰਨ ਵਾਲੇ ਨਹੀਂ ਹਾਂ। ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਲੜਨਾ ਕੋਈ ਗੁਨਾਹ ਨਹੀਂ ਹੈ। ਜੇਕਰ ਵਿਰੋਧੀ ਧਿਰ ਨੌਜਵਾਨਾਂ ਦੀ ਬਾਂਹ ਨਹੀਂ ਫੜੇਗੀ ਅਤੇ ਉਨ੍ਹਾਂ ਦੀ ਆਵਾਜ਼ ਨਹੀਂ ਬਣੇਗੀ ਤਾਂ ਫਿਰ ਵਿਰੋਧੀ ਧਿਰ ਵਿਚ ਬੈਠਣ ਦਾ ਕੀ ਫਾਇਦਾ? ਤੁਹਾਡੀਆਂ ਜੇਲ੍ਹਾਂ ਅਤੇ ਤੁਹਾਡੇ ਪਰਚੇ ਸਾਨੂੰ ਡਰਾ ਨਹੀਂ ਸਕਦੇ। ਜਿਨ੍ਹਾਂ ਲੋਕਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਉਨ੍ਹਾਂ ਨੂੰ ਜਵਾਬਦੇਹ ਬਣਾ ਕੇ ਰਹਾਂਗੇ।” ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਲੜਾਈ ਨੂੰ ਸੜਕ ਤੋਂ ਲੈ ਕੇ ਸਦਨ ਤੱਕ ਪੂਰੀ ਤਾਕਤ ਨਾਲ ਲੜੇਗੀ। ਭਗਵੰਤ ਮਾਨ ਸਰਕਾਰ ਨੂੰ ਆਪਣੀ ਪੁਲਸ ਦੀ ਧੌਂਸ ਬੰਦ ਕਰਨੀ ਚਾਹੀਦੀ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਯੂਥ ਕਾਂਗਰਸ ਆਗੂਆਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਪੀਸੀਐਸ, ਬਾਬਾ ਫਰੀਦ ਯੂਨੀਵਰਸਿਟੀ ਅਤੇ ਹੋਰ ਭਰਤੀ ਪ੍ਰਕਿਰਿਆਵਾਂ ਵਿਚ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਘੁਟਾਲਿਆਂ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਚਾਹੀਦਾ ਹੈ, ਜੇਲ੍ਹਾਂ ਅਤੇ ਡੰਡੇ ਨਹੀਂ। ਸਰਕਾਰ ਯਾਦ ਰੱਖੇ ਕਿ ਸੱਤਾ ਹਮੇਸ਼ਾ ਨਹੀਂ ਰਹਿੰਦੀ, ਪਰ ਲੋਕਾਂ ਨਾਲ ਕੀਤੇ ਗਏ ਅਨਿਆਂ ਦਾ ਹਿਸਾਬ ਜ਼ਰੂਰ ਦੇਣਾ ਪੈਂਦਾ ਹੈ। ਇਸ ਮੌਕੇ ਐੱਮ.ਪੀ. ਡਾ. ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ, ਹਰਿੰਦਰਪਾਲ ਸਿੰਘ ਹੈਰੀਮਾਨ, ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ, ਅਨਿਲ ਮੌਦਗਿਲ, ਕੇ. ਕੇ. ਸਹਿਗਲ, ਗੌਰਵ ਸੰਧੂ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।

