Major action taken in the case of indiscriminate firing in Tarn Taran; SHO sent to Police Lines
ਤਰਨਤਾਰਨ ‘ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ ‘ਚ ਵੱਡੀ ਕਾਰਵਾਈ, SHO ਕੀਤਾ ਗਿਆ ਲਾਈਨ ਹਾਜ਼ਰ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਸਥਾਨਕ ਸ਼ਹਿਰ ਦੇ ਮਹਾਰਾਜਾ ਰਣਜੀਤ ਸਿੰਘ ਸਕੂਲ ਨਜ਼ਦੀਕ ਬੀਤੇ ਕੱਲ ਦੁਪਹਿਰ ਜਾਗਰਣ ਦੀਆਂ ਤਿਆਰੀਆਂ ਤੋਂ ਪਹਿਲਾਂ ਲੰਗਰ ਤਿਆਰ ਕਰਵਾ ਰਹੇ ਸਭਾ ਦੇ ਮੈਂਬਰਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਰਾਊਂਡਅਪ ਕਰਦੇ ਹੋਏ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੂੰ ਦੇਰ ਰਾਤ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਵੱਲੋਂ ਦਿੱਤੇ ਹੁਕਮਾਂ ਤਹਿਤ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਦੁਪਹਿਰ ਮਹਾਰਾਜਾ ਰਣਜੀਤ ਸਿੰਘ ਸਕੂਲ ਨਜ਼ਦੀਕ ਹਰ ਸਾਲ ਦੀ ਤਰ੍ਹਾਂ ਮਾਂ ਭਗਵਤੀ ਜਾਗਰਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਸਭਾ ਦੇ ਕੁੱਝ ਮੈਂਬਰਾਂ ਵੱਲੋਂ ਦੁਪਹਿਰ ਕਰੀਬ ਡੇਢ ਵਜੇ ਲੰਗਰ ਵਰਤਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲ ‘ਤੇ ਸਵਾਰ ਹੋ ਆਏ ਮੋਹਿਤ ਅਤੇ ਉਸਦੇ ਕਰੀਬ ਅੱਧੀ ਦਰਜਨ ਸਾਥੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ‘ਚ ਸੁਖਰਾਜ ਸਿੰਘ ਉਰਫ਼ ਗੌਰੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ 3 ਸਾਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਵੱਲੋਂ ਆਪਣੇ ਸਾਥੀਆਂ ਸਮੇਤ ਪੁਲਸ ਪ੍ਰਸ਼ਾਸਨ ਖ਼ਿਲਾਫ਼ ਸੜਕ ‘ਤੇ ਲਾਸ਼ ਰੱਖ ਕੇ ਰੋਸ ਧਰਨਾ ਦਿੱਤਾ ਗਿਆ ਸੀ। ਇਹ ਧਰਨਾ ਕਰੀਬ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਜਾਰੀ ਰਿਹਾ। ਇਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਤਲ ਮਾਮਲੇ ‘ਚ ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰ ਲਿਆ ਗਿਆ ਹੈ, ਜਦੋਂ ਕਿ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੂੰ ਡਿਊਟੀ ‘ਚ ਲਾਪਰਵਾਹੀ ਦੇ ਚੱਲਦਿਆਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

