Punjab Police busts networks operating from abroad; 7 suspects arrested, items recovered
ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, 60,000 ਰੁਪਏ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

