Bikram Majithia’s major statement on the Akali-BJP alliance
ਅਕਾਲੀ-ਭਾਜਪਾ ਗੱਠਜੋੜ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਦੋਵਾਂ ਪਾਰਟੀਆਂ ਨੇ ਮੁੜ ਇਕੱਠੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਗੱਠਜੋੜ ਕਰੀਬ 30 ਤੋਂ 35 ਸਾਲ ਤੱਕ ਸਫ਼ਲਤਾਪੂਰਵਕ ਚੱਲਿਆ ਅਤੇ ਉਦੋਂ ਵੀ ਸੂਬੇ ਦੇ ਲੋਕਾਂ ਦੀ ਮੰਗ ‘ਤੇ ਹੀ ਇਹ ਸਾਂਝ ਬਣੀ ਸੀ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਮੰਨਿਆ ਕਿ ਵਿਚਕਾਰਲੇ ਦੌਰ ਵਿੱਚ ਕੁਝ ਮਤਭੇਦ ਜ਼ਰੂਰ ਆਏ ਸਨ, ਪਰ ਸਿਆਸੀ ਦਲ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ, ਇਸ ਲਈ ਲੋਕਾਂ ਦੀ ਇੱਛਾ ਅਤੇ ਮੁੜ ਇਕੱਠੇ ਹੋਣ ਦੀ ਮੰਗ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਮਜੀਠੀਆ ਮੁਤਾਬਕ, ਪੰਜਾਬ ਦੇ ਲੋਕਾਂ ਨੇ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ‘ਬਦਲਾਅ’ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ‘ਆਪ’ ਦੇ ਕਾਰਜਕਾਲ ਨੂੰ ਪਰਖ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰ ਵਰਗ—ਕਿਸਾਨ, ਖੇਤ ਮਜ਼ਦੂਰ, ਨੌਜਵਾਨ, ਵਪਾਰੀ ਅਤੇ ਮੁਲਾਜ਼ਮ—ਦੀ ਸਭ ਤੋਂ ਵੱਧ ਸੁਣਵਾਈ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਹੋਈ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਲੋਕ ਮੁੜ ਗੱਠਜੋੜ ਦੇ ਹੱਕ ਵਿੱਚ ਨਿੱਤਰਨਗੇ ਅਤੇ ਸੂਬੇ ਦੀ ਬਿਹਤਰੀ ਲਈ ਸਮਰਥਨ ਦੇਣਗੇ।

