Punjab: Education Department cracks down on schools acting at their own whim; preparations underway for major action
ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸਰਦੀਆਂ ਦੇ ਮੌਸਮ ਵਿਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਮਨਮਰਜ਼ੀ ਕਰਨ ਵਾਲੇ ਸਕੂਲ ਪ੍ਰਬੰਧਕਾਂ ਦੀ ਹੁਣ ਖ਼ੈਰ ਨਹੀਂ। ਸਰਕਾਰ ਵੱਲੋਂ ਨਿਰਧਾਰਿਤ ਸਮੇਂ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਸਕੂਲ ਸਮੇਂ ਤੋਂ ਪਹਿਲਾਂ ਲਗਾਉਣ ਵਾਲੇ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਜਾਂ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤਣ ਦੀ ਸੂਰਤ ਵਿਚ ਸਬੰਧਤ ਸਕੂਲ ਦੀ ਮੈਨੇਜਮੈਂਟ ਅਤੇ ਸਕੂਲ ਮੁਖੀ ਦੀ ਜਵਾਬਦੇਹੀ ਤੈਅ ਹੋਵੇਗੀ। ਖ਼ਾਸ ਗੱਲ ਇਹ ਹੈ ਕਿ ਵਿਭਾਗ ਵੱਲੋਂ ਸਿਰਫ਼ ਸਕੂਲਾਂ ਦੇ ਸਮੇਂ ਦੀ ਪਾਬੰਦੀ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਭਾਰੀ ਬਸਤਿਆਂ ਅਤੇ ਉਨ੍ਹਾਂ ਨੂੰ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਕੂਲ ਪ੍ਰਬੰਧਕਾਂ ਨੂੰ ਚੌਕਸ ਕੀਤਾ ਗਿਆ ਹੈ। ਜ਼ਿਲਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵੱਲੋਂ 25 ਨਵੰਬਰ ਨੂੰ ਜਾਰੀ ਪੱਤਰ ਵਿਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 30 ਮਾਰਚ 2020 ਨੂੰ ਜਾਰੀ ਕੀਤੀਆਂ ਹਦਾਇਤਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹਰ ਸਾਲ 1 ਨਵੰਬਰ ਤੋਂ 28 ਫ਼ਰਵਰੀ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਬਾਵਜੂਦ ਕੁਝ ਸਕੂਲਾਂ ਵੱਲੋਂ ਨਿਰਧਾਰਤ ਸਮੇਂ ਦੀ ਪਾਲਣਾ ਨਾ ਕਰਦਿਆਂ ਆਪਣੀ ਮਰਜ਼ੀ ਨਾਲ ਸਕੂਲ ਲਗਾਏ ਜਾ ਰਹੇ ਹਨ। ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲਾ ਸਿੱਖਿਆ ਅਫ਼ਸਰ ਨੇ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਵੱਲੋਂ ਜਾਰੀ ਸਮਾਂ-ਸਾਰਣੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਸਕੂਲ ਲਗਾਉਣ ਤੇ ਛੁੱਟੀ ਕਰਨ ਵਿਚ ਕਿਸੇ ਤਰ੍ਹਾਂ ਦੀ ਮਨਮਰਜ਼ੀ ਨਾ ਕੀਤੀ ਜਾਵੇ।

