1,700 Indians deported from the US! Ministry of External Affairs provides information
ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਸਾਲ 2026 ਦੌਰਾਨ ਜਿੱਥੇ ਅਮਰੀਕਾ ‘ਚੋਂ ਹਜ਼ਾਰਾਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ, ਉੱਥੇ ਹੀ ਸੈਂਕੜੇ ਭਾਰਤੀ ਵੀ ਇਸ ਕਾਰਵਾਈ ਤਹਿਤ ਅਮਰੀਕਾ ਤੋਂ ਭਾਰਤ ਭੇਜੇ ਗਏ ਹਨ। ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਸਾਲ 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਤੋਂ ਕੁੱਲ 1,700 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਸਪੱਸ਼ਟ ਕੀਤਾ ਕਿ ਭਾਰਤ ਗ਼ੈਰ-ਕਾਨੂੰਨੀ ਪ੍ਰਵਾਸ ਦੇ ਸਖ਼ਤ ਖ਼ਿਲਾਫ਼ ਹੈ ਅਤੇ ਡਿਪੋਰਟੇਸ਼ਨ ਨਾਲ ਜੁੜੇ ਮਾਮਲਿਆਂ ‘ਚ ਅਮਰੀਕਾ ਨਾਲ ਲਗਾਤਾਰ ਸਹਿਯੋਗ ਕਰ ਰਿਹਾ ਹੈ। ਰਣਧੀਰ ਜਾਇਸਵਾਲ ਨੇ ਦੱਸਿਆ ਕਿ ਜਦੋਂ ਵੀ ਅਮਰੀਕਾ ਵੱਲੋਂ ਸੰਭਾਵਿਤ ਡਿਪੋਰਟੇਸ਼ਨ ਦੇ ਮਾਮਲਿਆਂ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਭਾਰਤ ਸਰਕਾਰ ਸਬੰਧਤ ਵਿਅਕਤੀਆਂ ਦੀ ਨਾਗਰਿਕਤਾ ਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਮੀਗ੍ਰੇਸ਼ਨ ਤੇ ਡਿਪੋਰਟੇਸ਼ਨ ਦੇ ਮੁੱਦਿਆਂ ‘ਤੇ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਤਾਲਮੇਲ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਕਾਰਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜੁਲਾਈ ‘ਚ ਵਿਦੇਸ਼ ਮੰਤਰਾਲੇ ਨੇ ਦੱਸਿਆ ਸੀ ਕਿ 2025 ਤੋਂ ਲੈ ਕੇ ਜੁਲਾਈ 2026 ਤੱਕ 4,840 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।

