CBI probe should be conducted into the illegal mining and alleged corruption taking place in Rupnagar: Ajaveer Singh Lalpura
ਰੂਪਨਗਰ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕਥਿਤ ਭ੍ਰਿਸ਼ਟਾਚਾਰ ਦੀ ਹੋਵੇ ਸੀਬੀਆਈ ਜਾਂਚ : ਅਜੇਵੀਰ ਸਿੰਘ ਲਾਲਪੁਰਾ
ਰੂਪਨਗਰ (ਆਵਾਜ਼ਿ ਕੌਮ ਬਿਊਰੋ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦੇ ਨਾਲ-ਨਾਲ ਇਸ ਧੰਦੇ ਵਿੱਚ ਹੋ ਰਹੇ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ ਵੀ ਗੰਭੀਰ ਜਾਂਚ ਦੀ ਮੰਗ ਕਰਦਾ ਹੈ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਸਤਲੁਜ ਦਰਿਆ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮਾਈਨਿੰਗ ਗਤੀਵਿਧੀਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਜੋ ਮਾਈਨਿੰਗ ਦੇ ਨਾਂ ‘ਤੇ ਹੋ ਰਹੇ ਕਥਿਤ ਗ਼ੈਰ-ਕਾਨੂੰਨੀ ਲੈਣ-ਦੇਣ, ਸਰਕਾਰੀ ਮਾਲੀਏ ਨੂੰ ਹੋ ਰਹੇ ਨੁਕਸਾਨ ਅਤੇ ਇਸ ਪਿੱਛੇ ਕੰਮ ਕਰ ਰਹੇ ਸਿਆਸੀ ਤੇ ਪ੍ਰਸ਼ਾਸਨਿਕ ਗੱਠਜੋੜ ਦਾ ਪਰਦਾਫਾਸ਼ ਹੋ ਸਕੇ। ਲਾਲਪੁਰਾ ਨੇ ਦੋਸ਼ ਲਾਇਆ ਕਿ ਮਾਈਨਿੰਗ ਮਾਫ਼ੀਆ ਨੂੰ ਕਥਿਤ ਤੌਰ ‘ਤੇ ਸਿਆਸੀ ਸਰਪ੍ਰਸਤੀ ਅਤੇ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਹਾਸਲ ਹੈ, ਜਿਸ ਕਾਰਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ। ਜੇਕਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਜਾਂ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਵਾਤਾਵਰਣ ਦਾ ਸੰਤੁਲਨ ਵਿਗੜ ਰਿਹਾ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਦਾ ਖ਼ਤਰਾ ਵਧ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੇ ਟਿਊਬਵੈੱਲਾਂ ਦੇ ਪਾਣੀ ਸਬੰਧੀ ਚਿੰਤਾਵਾਂ ਹਨ। ਸਤਲੁਜ ਦਰਿਆ ਵਿੱਚ ਅੰਨ੍ਹੇਵਾਹ ਖੁਦਾਈ ਕਾਰਨ ਅਗੰਮਪੁਰ ਪੁਲ ਦੀਆਂ ਨੀਂਹਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਨਾਲ ਦਰਿਆ ਦੇ ਕੁਦਰਤੀ ਵਹਾਅ, ਜਲ-ਜੀਵਾਂ, ਪੰਛੀਆਂ ਅਤੇ ਸਮੁੱਚੇ ਈਕੋਸਿਸਟਮ ‘ਤੇ ਵੀ ਮਾੜਾ ਪ੍ਰਭਾਵ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਓਵਰਲੋਡ ਟਿੱਪਰਾਂ ਦੀ ਬੇਰੋਕ ਆਵਾਜਾਈ ਕਾਰਨ ਸੜਕਾਂ ਟੁੱਟ ਰਹੀਆਂ ਹਨ, ਹਾਦਸਿਆਂ ਦਾ ਖ਼ਤਰਾ ਵਧ ਰਿਹਾ ਹੈ ਅਤੇ ਆਮ ਲੋਕਾਂ, ਵਿਦਿਆਰਥੀਆਂ ਤੇ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਾਲਪੁਰਾ ਨੇ ਮੰਗ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਈਨਿੰਗ ਖੱਡਾਂ, ਉਨ੍ਹਾਂ ਦੀਆਂ ਮਨਜ਼ੂਰੀਆਂ, ਖੁਦਾਈ ਦੀ ਡੂੰਘਾਈ, ਰਾਇਲਟੀ ਅਤੇ ਸਰਕਾਰੀ ਮਾਲੀਏ ਦੇ ਰਿਕਾਰਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਜਾਂਚ ਪੂਰੀ ਹੋਣ ਤੱਕ ਸ਼ੱਕੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਰੂਪਨਗਰ ਦੇ ਲੋਕਾਂ ਦੇ ਹੱਕਾਂ, ਕਿਸਾਨਾਂ ਦੇ ਹਿੱਤਾਂ, ਕੁਦਰਤੀ ਸਰੋਤਾਂ ਅਤੇ ਵਾਤਾਵਰਣ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

