The BJP has not sought any political advice from me in the last 5 years: Captain Amarinder
ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ’ਚ ਆਪਣੀ ਭੂਮਿਕਾ ਅਤੇ ਪਾਰਟੀ ਨਾਲ ਸੰਵਾਦ ਨੂੰ ਲੈ ਕੇ ਕਈ ਅਹਿਮ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਭਾਜਪਾ ਨੇ ਉਨ੍ਹਾਂ ਨਾਲ ਕਦੇ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਕਿਸੇ ਸਿਆਸੀ ਮਾਮਲੇ ’ਚ ਉਨ੍ਹਾਂ ਤੋਂ ਕੋਈ ਸੁਝਾਅ ਜਾਂ ਸਲਾਹ ਲਈ ਗਈ। ਉਨ੍ਹਾਂ ਸਵਾਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਮੇਰੀਆਂ ਸੇਵਾਵਾਂ ਦੀ ਲੋੜ ਹੈ ਜਾਂ ਨਹੀਂ? ਜੇ ਪਾਰਟੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਦੱਸਿਆ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਆਸਤ ’ਚ ਤਜਰਬੇ ਦਾ ਆਪਣਾ ਮਹੱਤਵ ਹੁੰਦਾ ਹੈ ਪਰ ਪਿਛਲੇ 5 ਸਾਲਾਂ ’ਚ ਭਾਜਪਾ ਵੱਲੋਂ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਲਾਹ ਨਹੀਂ ਲਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਤੱਕ ਆਪਣੀ ਗੱਲ ਪਹੁੰਚਾਉਣੀ ਬੇਹੱਦ ਮੁਸ਼ਕਲ ਹੈ। ਉਨ੍ਹਾਂ ਖ਼ਾਸ ਤੌਰ ’ਤੇ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਰਗਟ ਸਿੰਘ ਦੇ ਧੜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ’ਚ ਵੀ ਆਗੂਆਂ ਵਿਚਾਲੇ ਵੱਖ-ਵੱਖ ਸਮੂਹ ਹਨ। ਕੈਪਟਨ ਦੇ ਇਨ੍ਹਾਂ ਬਿਆਨਾਂ ਨਾਲ ਪੰਜਾਬ ਦੀ ਸਿਆਸਤ ’ਚ ਉਨ੍ਹਾਂ ਦੀ ਮੌਜੂਦਾ ਭੂਮਿਕਾ, ਭਾਜਪਾ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਪਾਰਟੀ ਦੇ ਅੰਦਰ ਸੰਵਾਦ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

