Youth killed in broad daylight after being threatened on social media; perpetrators had sent a message stating they would commit the murder
ਸੋਸ਼ਲ ਮੀਡੀਆ ‘ਤੇ ਧਮਕੀ ਦੇ ਕੇ ਸ਼ਰੇਆਮ ਮਾਰਿਆ ਨੌਜਵਾਨ, ਮੈਸੇਜ ਪਾ ਕੇ ਕਿਹਾ ਸੀ ਕਰਾਂਗੇ ਕਤਲ
ਲੁਧਿਆਣਾ (ਆਵਾਜ਼ਿ ਕੌਮ ਬਿਊਰੋ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਕਰੀਬੀ ਦੋਸਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜ-ਤੋੜ ਹਮਲਾ ਕਰਕੇ ਦਿੱਤਾ ਗਿਆ। ਇਸ ਖੂਨੀ ਵਾਰਦਾਤ ਵਿਚ ਇਕ ਨੌਜਵਾਨ ਹਨੀ ਬਾਂਸਲ ਦੀ ਮੌਤ ਹੋ ਗਈ ਜਦਕਿ ਉਸ ਦਾ ਦੂਜਾ ਸਾਥੀ ਪਵਨ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਵਾਰਦਾਤ ਥਾਣਾ ਦਰੇਸੀ ਦੇ ਅਧੀਨ ਆਉਂਦੇ ਇਲਾਕੇ ਜਸਵੰਤ ਨਗਰ ਦੀ ਬਿੰਦਰਾ ਕਲੋਨੀ ਵਿਚ ਵੀਰਵਾਰ ਰਾਤ ਵਾਪਰੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦਰੇਸੀ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਵੀ ਪਤਾ ਲੱਗਾ ਹੈ ਕਿ ਸੋਸ਼ਲ ਮੀਡੀਆ ‘ਤੇ ਕੁਝ ਗਰੁੱਪਾਂ ਵਿਚ ਬਕਾਇਦਾ ਮੈਸੇਜ ਭੇਜੇ ਗਏ ਸਨ ਅਤੇ ਕਿਹਾ ਗਿਆ ਸੀ ਕਿ ਹਨੀ ਬਾਂਸਲ ਨੂੰ ਮਾਰ ਦੇਵਾਂਗੇ, ਉਸ ਦਾ ਕਤਲ ਕਰ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਹੈਬੋਵਾਲ ਇਲਾਕੇ ਦੇ ਕੁਝ ਲੋਕਾਂ ਨਾਲ ਹਨੀ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਗੰਭੀਰ ਜ਼ਖਮੀ ਹਾਲਤ ਵਿਚ ਜਦੋਂ ਹਨੀ ਬਾਂਸਲ ਨੂੰ ਸੀ. ਐੱਮ. ਸੀ. ਹਸਪਤਾਲ ਲਿਜਾਇਆ ਗਿਆ ਅਤੇ ਉਥੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਦੂਜੇ ਨੌਜਵਾਨ ਪਵਨ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਦਾ ਇਲਾਜ ਜਾਰੀ ਹੈ।
ਕੀ ਕਹਿਣਾ ਹੈ ਪੁਲਸ ਦਾ-ਥਾਣਾ ਦਰੇਸੀ ਦੇ ਏ. ਐੱਸ. ਆਈ. ਸੁਖਵਿੰਦਰ ਨੇ ਦੱਸਿਆ ਕਿ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਬਾਰੀਕੀ ਨਾਲ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਧਮਕੀ ਅਤੇ ਪੁਰਾਣੀ ਰੰਜਿਸ਼ ਦੇ ਸਾਰੇ ਪਹਿਲੂਆਂ ਨਾਲ ਜਾਂਚ ਕੀਤੀ ਜਾ ਰਹੀ ਹੈ।

