ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੋਈ ਫੈਸਲਾ ਨਾ ਕੀਤੇ ਜਾਣ ਦੇ ਵਤੀਰੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੀ, ਉੱਥੇ ਹੀ ਮਾਨਵੀ ਹੱਕਾਂ ’ਤੇ ਵੀ ਡਾਕਾ ਮਾਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਂਹਪੱਖੀ ਰਵੱਈਏ ਪ੍ਰਤੀ ਸ਼੍ਰੋਮਣੀ ਕਮੇਟੀ ਭਵਿੱਖੀ ਰਣਨੀਤੀ ਉਲੀਕੇਗੀ ਤਾਂ ਕਿ ਭਾਈ ਰਾਜੋਆਣਾ ਦੇ ਮਸਲੇ ਪ੍ਰਤੀ ਕੋਈ ਜਲਦ ਫ਼ੈਸਲਾ ਹੋ ਸਕੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਵਿਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਅੰਤ੍ਰਿਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੈਕਟਰੀ ਪ੍ਰਤਾਪ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੈਨੇਜਰ ਭਗਵੰਤ ਸਿੰਘ ਧੰਗੇੜਾ ਸ਼ਾਮਲ ਸਨ। ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਆਪਣੀਆਂ ਭਾਵਨਾਵਾਂ ਨੂੰ ਸਾਂਝਾ ਕਰਦਿਆਂ ਜ਼ੋਰ ਦਿੱਤਾ ਕਿ ਪਟੀਸ਼ਨ ’ਤੇ ਜਲਦ ਫ਼ੈਸਲੇ ਨੂੰ ਲੈ ਕੇ ਅਜਿਹਾ ਦਬਾਅ ਬਣਾਇਆ ਜਾਵੇ ਤਾਂ ਕਿ ਕੇਂਦਰ ਸਰਕਾਰ ਦੇ ਚਿਹਰੇ ਨੂੰ ਬੇਨਕਾਬ ਕੀਤਾ ਜਾ ਸਕੇ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਗੱਲਬਾਤ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕਾਨੂੰਨੀ ਲੜਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਨੂੰ ਦੁਹਰਾਇਆ ਤੇ ਕਿਹਾ ਕਿ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਤੇ ਕਾਨੂੰਨ ਨੂੰ ਅਪਣਾਇਆ ਜਾਂਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਕਿ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਇਸ ਮਾਮਲੇ ਪ੍ਰਤੀ ਕੋਈ ਫ਼ੈਸਲਾ ਹੋ ਸਕੇ, ਪ੍ਰੰਤੂ ਵਫ਼ਦ ਨੂੰ ਮਿਲਣ ਲਈ ਕੋਈ ਸਮਾਂ ਨਾ ਦੇਣ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਸਿੱਖਾਂ ਦੀ ਚੁਣੀ ਹੋਈ ਸੰਵਿਧਾਨਿਕ ਸਿਰਮੌਰ ਸੰਸਥਾ ਦੀ ਤੌਹੀਨ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੂੰ ਭਰੋਸਾ ਦਿੱਤਾ ਹੈ ਕਿ ਸ਼ੋ੍ਰਮਣੀ ਕਮੇਟੀ ਇਸ ’ਤੇ ਹੋਰ ਵੀ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਵੀ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸਜ਼ਾਵਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਅਜਿਹੇ ਵਿਚ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਵੀ ਇਹ ਸਪਸ਼ਟ ਕਰਦਾ ਹੈ ਕਿ ਸਰਕਾਰਾਂ ਦੇ ਸਿੱਖ ਕੌਮ ਪ੍ਰਤੀ ਵਤੀਰੇ ਗਿਣੀ ਮਿਥੀ ਸਾਜ਼ਿਸ਼ੀ ਦਾ ਹਿੱਸਾ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਆਦਿ ਸ਼ਾਮਲ ਸਨ।
ਫ਼ੋਟੋ : ਕੇਂਦਰੀ ਜੇਲ੍ਹ ਪਟਿਆਲਾ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਫ਼ਦ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨਾਲ ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦੇ ਹੋਏ।