Amritpal Singh Denied Parole for Winter Session: HC Dismisses Petition as Infructuous – ‘Try in Next Session’
ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਤੋਂ ਇਨਕਾਰ ,ਹਾਈ ਕੋਰਟ ਨੇ ਕਿਹਾ – “ਹੁਣ ਅਗਲੇ ਸੈਸ਼ਨ ਵਿੱਚ ਕੋਸ਼ਿਸ਼ ਕਰੋ”

18 ਦਸੰਬਰ 2025, ਚੰਡੀਗੜ੍ਹ –ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਖਲ ਕੀਤੀ ਗਈ ਪੈਰੋਲ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਤੋਂ ਇਨਕਾਰ ਕਰਦਿਆਂ ਮਾਮਲੇ ਨੂੰ “ਬੇਅਰਥ” ਕਰਾਰ ਦਿੱਤਾ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਕਿਹਾ ਕਿ ਕਿਉਂਕਿ ਕੱਲ੍ਹ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ, ਇਸ ਲਈ ਹੁਣ ਇਸ ਪਟੀਸ਼ਨ ‘ਤੇ ਫੈਸਲਾ ਸੁਣਾਉਣ ਦਾ ਕੋਈ ਤਕ ਨਹੀਂ ਬਣਦਾ। ਹਾਈ ਕੋਰਟ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵਕੀਲਾਂ ਦੀ ਹੜਤਾਲ ਕਾਰਨ ਮਾਮਲੇ ‘ਤੇ ਬਹਿਸ ਪੂਰੀ ਨਹੀਂ ਹੋ ਸਕੀ। ਸਰਕਾਰੀ ਪੱਖ ਦੇ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਸੁਣਵਾਈ ਵਾਰ-ਵਾਰ ਟਲਦੀ ਰਹੀ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਅੱਜ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਹੁਕਮ ਜਾਰੀ ਵੀ ਕਰ ਦਿੱਤਾ ਜਾਵੇ, ਤਾਂ ਵੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਤੱਕ ਸਫਰ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਵਿੱਚ ਹੀ ਸੰਸਦ ਦਾ ਸੈਸ਼ਨ ਖ਼ਤਮ ਹੋ ਜਾਣਾ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਤੋਂ ਸਵਾਲ ਕਰਦਿਆਂ ਕਿਹਾ, “ਜੇ ਅਸੀਂ ਅੱਜ ਹੁਕਮ ਵੀ ਦੇ ਦਿੰਦੇ ਹਾਂ, ਤਾਂ ਇਸ ਨੂੰ ਲਾਗੂ ਕਿਵੇਂ ਕੀਤਾ ਜਾਵੇਗਾ? ਡਿਬਰੂਗੜ੍ਹ ਤੋਂ ਦਿੱਲੀ ਤੱਕ ਹੈਲੀਕਾਪਟਰ ਰਾਹੀਂ ਪਹੁੰਚਣ ਵਿੱਚ ਵੀ ਘੱਟੋ-ਘੱਟ 10 ਘੰਟੇ ਲੱਗ ਜਾਣਗੇ।” ਅੰਤ ਵਿੱਚ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ, “ਹੁਣ ਅਗਲੇ ਸੈਸ਼ਨ ਵਿੱਚ ਕੋਸ਼ਿਸ਼ ਕਰਨਾ।”
