Dhami Warns Punjab Govt on SIT in Sri Guru Granth Sahib Case: ‘Interference in Religious Matters Challenges Akal Takht
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਾਮਲੇ ਵਿੱਚ SIT ਬਣਾਉਣ ‘ਤੇ ਧਾਮੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ: ‘ਧਾਰਮਿਕ ਮਾਮਲਿਆਂ ਵਿੱਚ ਦਖ਼ਲ ਅਕਾਲ ਤਖ਼ਤ ਨੂੰ ਚੁਣੌਤੀ

22 ਦਸੰਬਰ 2025, ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ (SIT) ਬਣਾਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਕਿਹਾ ਕਿ ਧਾਰਮਿਕ ਤੇ ਪ੍ਰਬੰਧਕੀ ਮਾਮਲਿਆਂ ਵਿੱਚ ਸਰਕਾਰੀ ਦਖ਼ਲ ਗੈਰ-ਜ਼ਰੂਰੀ ਤੇ ਸਿੱਖ ਰਵਾਇਤਾਂ ਖ਼ਿਲਾਫ਼ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਨੇ ਇਸ ਨੂੰ ਸਿਆਸੀ ਲਾਭ ਲਈ ਭਾਵਨਾਵਾਂ ਨਾਲ ਖੇਡਣ ਵਾਲੀ ਹਰਕਤ ਦੱਸਿਆ।
ਧਾਮੀ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਵੱਲੋਂ ਗਠਿਤ ਜਾਂਚ ਕਮੇਟੀ ਨੇ ਪੂਰੀ ਗੰਭੀਰਤਾ ਨਾਲ ਪੜਤਾਲ ਕੀਤੀ ਤੇ ਜਥੇਦਾਰ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਦੋਸ਼ੀ ਕਰਮਚਾਰੀਆਂ ‘ਤੇ ਵਿਭਾਗੀ ਕਾਰਵਾਈ ਕੀਤੀ ਹੈ। ਰਿਪੋਰਟ ਵਿੱਚ ਮਾਮਲਾ ਪੈਸੇ ਦੀ ਹੇਰਾਫੇਰੀ ਨਾਲ ਜੁੜਿਆ ਪਾਇਆ ਗਿਆ ਹੈ। ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਵਰਗਾ ਹੈ ਤੇ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਚੁਣੌਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਦਖ਼ਲ ਤੋਂ ਪਰਹੇਜ਼ ਕਰੇ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਸੰਸਥਾ ਹੈ ਤੇ ਇਸ ਵਿੱਚ ਦਖ਼ਲ ਕੌਮ ਬਰਦਾਸ਼ਤ ਨਹੀਂ ਕਰੇਗੀ।
