Haryana Allows Sikhs to Wear Kirpan During Exams
ਹਰਿਆਣਾ ‘ਚ ਪ੍ਰੀਖਿਆ ਦੌਰਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਜ਼ੂਰੀ

21 ਜਨਵਰੀ 2026, ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਪਹਿਨਣ ਦੀ ਪੂਰੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕਿਰਪਾਨ ਦੀ ਲੰਬਾਈ 9 ਇੰਚ ਅਤੇ ਧਾਰ 6 ਇੰਚ ਤੱਕ ਸੀਮਤ ਰੱਖੀ ਗਈ ਹੈ। ਨਾਲ ਹੀ ਵਿਆਹੀਆਂ ਔਰਤਾਂ ਨੂੰ ਪ੍ਰੀਖਿਆ ਦੌਰਾਨ ਮੰਗਲਸੂਤਰ ਪਹਿਨਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ।
ਇਹ ਫੈਸਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਅਧਿਕਾਰਾਂ ਨੂੰ ਸਤਿਕਾਰ ਦਿੰਦਾ ਹੈ। ਪਹਿਲਾਂ ਕਈ ਪ੍ਰੀਖਿਆਵਾਂ ਵਿੱਚ ਕਿਰਪਾਨ ਨੂੰ ਲੈ ਕੇ ਵਿਵਾਦ ਹੁੰਦੇ ਰਹੇ ਸਨ ਪਰ ਹੁਣ ਇਸ ਨੂੰ ਪਾਰਦਰਸ਼ੀ ਤੌਰ ‘ਤੇ ਮਨਜ਼ੂਰੀ ਦੇ ਕੇ ਸਰਕਾਰ ਨੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਸਿੱਖ ਆਗੂਆਂ ਅਤੇ ਸੰਗਤ ਵਿੱਚ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਧਾਰਮਿਕ ਆਜ਼ਾਦੀ ਦੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ ਸੂਬੇ ਦੀਆਂ ਸਾਰੀਆਂ ਪ੍ਰੀਖਿਆਵਾਂ ‘ਤੇ ਲਾਗੂ ਹੋਣਗੇ ਅਤੇ ਪ੍ਰੀਖਿਆ ਕੇਂਦਰਾਂ ਨੂੰ ਇਸ ਬਾਰੇ ਜਾਣਕਾਰੀ ਦੇਣੀ ਯਕੀਨੀ ਬਣਾਈ ਜਾਵੇਗੀ।
