Invitation Sent to CM Bhagwant Mann for Hazur Sahib Shaheedi Satabdi Samagam
ਸ੍ਰੀ ਹਜ਼ੂਰ ਸਾਹਿਬ ਸ਼ਤਾਬਦੀ ਸਮਾਗਮਾਂ ਲਈ ਮੁੱਖ ਮੰਤਰੀ ਮਾਨ ਨੂੰ ਸੱਦਾ ਪੱਤਰ

21 ਜਨਵਰੀ 2026, ਚੰਡੀਗੜ੍ਹ – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤਖਤ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਵਿਸ਼ਾਲ ਪੱਧਰ ‘ਤੇ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ (ਚੇਅਰਮੈਨ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ) ਅਤੇ ਜਥੇਦਾਰ ਸਿੰਘ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਭੇਜਿਆ ਗਿਆ ਹੈ।
ਦਮਦਮੀ ਟਕਸਾਲ ਵੱਲੋਂ ਮੁੱਖ ਮੰਤਰੀ ਨਿਵਾਸ ‘ਤੇ ਪੁੱਜੇ ਗਿਆਨੀ ਸਾਹਬ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ ਅਤੇ ਡਾ. ਅਵਤਾਰ ਸਿੰਘ ਬੁੱਟਰ ਨੇ ਸੱਦਾ ਪੱਤਰ ਸੌਂਪਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਦਾ ਸਵੀਕਾਰ ਕਰਦਿਆਂ ਦਮਦਮੀ ਟਕਸਾਲ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵੱਲੋਂ ਮਹਾਂਰਾਸ਼ਟਰ ਸਰਕਾਰ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬਲੀਦਾਨ ਦਿੱਤਾ ਸੀ ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦੱਈ ਸਨ ਅਤੇ ਗੁਰੂ ਸਾਹਿਬ ਜੀ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।
ਮੁੱਖ ਮੰਤਰੀ ਮਾਨ ਨੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਹਜ਼ੂਰ ਸਾਹਿਬ ਵਿਖੇ ਜ਼ਰੂਰ ਨਤਮਸਕ ਹੋਣਗੇ ਅਤੇ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰਨਗੇ। ਇਹ ਉਪਰਾਲਾ ਸਿੱਖ ਭਾਈਚਾਰੇ ਵਿੱਚ ਬਹੁਤ ਸਤਿਕਾਰ ਨਾਲ ਵੇਖਿਆ ਜਾ ਰਿਹਾ ਹੈ।
