MLA Kuldeep Singh Dhaliwal distributed checks of Rs 5 lakh each to the unanimously elected Panchayats.
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਬ ਸੰਮਤੀ ਨਾਲ ਚੁਣਿਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ

ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕੇ ਦੇ ਪਿੰਡ ਬੋਹੜਵਾਲਾ, ਮਧੂਸ਼ਾਂਗਾ, ਕੋਟ ਮੁਗਲ ਅਤੇ ਉੜਦਨ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਵੰਡੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਇਨਾਮ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਕਰੀਬ 46 ਪਿੰਡਾਂ ਨੂੰ ਕੁੱਲ 2 ਕਰੋੜ 30 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਅੱਜ ਤੋਂ ਇਹ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
ਸ: ਧਾਲੀਵਾਲ ਨੇ ਕਿਹਾ ਕਿ ਇਹ ਰਾਸ਼ੀ ਪੰਚਾਇਤਾਂ ਵੱਲੋਂ ਆਪਣੀ ਮਰਜ਼ੀ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾ ਸਕਦੀ ਹੈ, ਜਿਸ ਨਾਲ ਸੜਕਾਂ, ਨਾਲੀਆਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਚੋਣਾਂ ਹੋਣ ਨਾਲ ਪਿੰਡਾਂ ਅੰਦਰ ਲੜਾਈ-ਝਗੜੇ ਖਤਮ ਹੁੰਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਵਧਦੀ ਹੈ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਦੇ ਵਿਕਾਸ ਲਈ ਨਵੀਆਂ ਪੁਲਾਘਾਂ ਪੁੱਟੀਆਂ ਹਨ ਅਤੇ ਚੋਣਾਂ ਦੌਰਾਨ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੁਰਾਣੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਰਫ਼ ਵਾਅਦੇ ਕਰਦੀਆਂ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਇਆ ਹੈ।
ਇਸ ਮੌਕੇ ਸਰਪੰਚਾਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ।
