Major operation by Amritsar Commissionerate Police, cross-border smuggling module exposed

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਨੂੰ ਨਸ਼ਟ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 6 ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, 115 ਗ੍ਰਾਮ ਹੈਰੋਇਨ ਅਤੇ ਕਰੀਬ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਇੱਕ ਕਾਰ ਵੀ ਜ਼ਬਤ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਸਰਹੱਦ ਪਾਰ ਸਰਗਰਮ ਤਸਕਰੀ ਨੈੱਟਵਰਕਾਂ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਕਰਦੇ ਰਹੇ ਹਨ। ਗ੍ਰਿਫ਼ਤਾਰ ਕੀਤੇ ਪੰਜਾਂ ਵਿੱਚੋਂ ਚਾਰ ਮੁਲਜ਼ਮ ਪਿੰਡ ਰੋੜਾਵਾਲੀ (ਥਾਣਾ ਘਰਿੰਡਾ, ਅੰਮ੍ਰਿਤਸਰ ਰੂਰਲ) ਦੇ ਰਹਿਣ ਵਾਲੇ ਹਨ, ਜਦਕਿ ਇੱਕ ਮੁਲਜ਼ਮ ਪਿੰਡ ਰਾਣੀਕੇ ਦਾ ਵਸਨੀਕ ਹੈ। ਇਹ ਸਾਰੇ ਪਿੰਡ ਬਿਲਕੁਲ ਸਰਹੱਦ ਦੇ ਨੇੜੇ ਸਥਿਤ ਹਨ। ਪੁਲਿਸ ਅਨੁਸਾਰ ਮੁੱਖ ਆਰੋਪੀ ਸਿਮਰਨਜੀਤ ਉਰਫ਼ ਮਨੂ ਖ਼ਿਲਾਫ਼ ਪਹਿਲਾਂ ਵੀ ਹੀਰੋਇਨ ਤਸਕਰੀ ਦੇ ਦੋ ਮਾਮਲੇ ਦਰਜ ਹਨ। ਹੋਰ ਮੁਲਜ਼ਮਾਂ ਦਾ ਵੀ ਨਸ਼ਾ ਤਸਕਰੀ ਨਾਲ ਪੁਰਾਣਾ ਨਾਤਾ ਰਿਹਾ ਹੈ ਅਤੇ ਕੁਝ ਰਪੀਟ ਅਫੈਂਡਰ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਵਿਦੇਸ਼ੀ ਬਣਾਵਟ ਦੇ ਹਥਿਆਰ ਵੀ ਸ਼ਾਮਲ ਹਨ। ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਅਗਲੇ ਤੇ ਪਿਛਲੇ ਸਬੰਧਾਂ, ਵਿਦੇਸ਼ੀ ਕਨੈਕਸ਼ਨਾਂ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਸ਼ਾ ਤੇ ਅਪਰਾਧ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।