Encounter of absconding Baljinder Singh alias Bobby with rural police in ‘murder case’

ਕਤਲ ਮਾਮਲੇ ’ਚ ਫਰਾਰ ਬਲਜਿੰਦਰ ਸਿੰਘ ਉਰਫ ਬੋਬੀ ਦਾ ਦਿਹਾਤੀ ਪੁਲਿਸ ਨਾਲ ਇਨਕਾਊਂਟਰ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਤਲ ਮਾਮਲੇ ’ਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਬਲਜਿੰਦਰ ਸਿੰਘ ਉਰਫ ਬੋਬੀ ਦਾ ਇਨਕਾਊਂਟਰ ਕੀਤਾ ਗਿਆ ਹੈ। ਇਹ ਕਾਰਵਾਈ ਥਾਣਾ ਚਾਟੀਵਿੰਡ ਦੀ ਹੱਦ ਅੰਦਰ ਗੁਪਤ ਸੂਚਨਾ ਦੇ ਆਧਾਰ ’ਤੇ ਅੰਜਾਮ ਦਿੱਤੀ ਗਈ।

ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਤਰਨ ਤਾਰਨ ਦਾ ਰਹਿਣ ਵਾਲਾ ਬਲਜਿੰਦਰ ਸਿੰਘ ਉਰਫ ਬੋਬੀ, ਜਿਸ ਖਿਲਾਫ ਮਾਰਚ 2025 ਵਿੱਚ ਕਤਲ ਦਾ ਮਾਮਲਾ ਦਰਜ ਹੈ, ਚਾਟੀਵਿੰਡ ਨੇੜਲੇ ਇਲਾਕੇ ਵਿੱਚ ਦੇਖਿਆ ਗਿਆ ਹੈ। ਇਸ ਸੂਚਨਾ ਤੋਂ ਬਾਅਦ ਡੀਐਸਪੀ ਅਟਾਰੀ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਬਣਾਕੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ।

ਜਦੋਂ ਪੁਲਿਸ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਅਚਾਨਕ ਪੁਲਿਸ ਪਾਰਟੀ ’ਤੇ ਤਾਂਬੜ ਤੋੜ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਬਲਜਿੰਦਰ ਸਿੰਘ ਉਰਫ ਬੋਬੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ। ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਰਫ ਬੋਬੀ ਖਿਲਾਫ ਕੁੱਲ ਚਾਰ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਇੱਕ ਕਤਲ ਅਤੇ ਤਿੰਨ ਐਨਡੀਪੀਐਸ ਐਕਟ ਨਾਲ ਸੰਬੰਧਿਤ ਹਨ। ਇਨਕਾਊਂਟਰ ਸਥਾਨ ਤੋਂ ਚਾਰ ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਗੱਲ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਦੇ ਕਿਸੇ ਗੈਂਗਸਟਰ ਜਾਂ ਅਪਰਾਧਿਕ ਗਿਰੋਹ ਨਾਲ ਸੰਬੰਧ ਹਨ ਜਾਂ ਨਹੀਂ। ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।