ਫਾਜ਼ਿਲਕਾ SSP ਨੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗੀ ਖਿਮਾ

12 ਫਰਵਰੀ 2026, ਅੰਮ੍ਰਿਤਸਰ – ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ‘ਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੂਰਾ ਸਪੱਸ਼ਟੀਕਰਨ ਦਿੱਤਾ ਅਤੇ ਹੋਈ ਭੁੱਲ ਲਈ ਖਿਮਾ ਜਾਚਨਾ ਕੀਤੀ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਇਸ ਮੌਕੇ ਨਾਲ ਮੌਜੂਦ ਰਹੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਸ਼ਵ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਦੇ ਚਾਰ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ SSP ਨੇ ਆਪਣਾ ਪੱਖ ਰੱਖਿਆ ਹੈ ਅਤੇ ਲਿਖਤੀ ਰੂਪ ਵਿੱਚ ਵੀ ਸਪੱਸ਼ਟੀਕਰਨ ਸੌਂਪਣ ਲਈ ਆਖਿਆ ਗਿਆ ਹੈ। ਜਥੇਦਾਰ ਨੇ ਦੱਸਿਆ ਕਿ SSP ਨੇ ਮੰਨਿਆ ਹੈ ਕਿ ਉਨ੍ਹਾਂ ਦੇ ਜ਼ਿਲ੍ਹੇ ਦੀ ਪੁਲਿਸ ਦੇ ਪੰਜ ਬੰਦੇ ਪਰਿਕਰਮਾ ਵਿੱਚ ਇਸ ਤਰ੍ਹਾਂ ਨਹੀਂ ਜਾਣੇ ਚਾਹੀਦੇ ਸਨ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਹੋਵੇਗੀ।
ਜਥੇਦਾਰ ਨੇ ਜ਼ੋਰ ਦਿੱਤਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਕਦੇ ਵੀ ਅਜਿਹਾ ਨਹੀਂ ਵਾਪਰਨਾ ਚਾਹੀਦਾ ਜਿਸ ਨਾਲ ਮਾਹੌਲ ਖਰਾਬ ਹੋਵੇ ਜਾਂ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੇ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਥੇਦਾਰ ਨੇ ਪੂਰੀ ਜਾਂਚ ਅਤੇ ਜ਼ਿੰਮੇਵਾਰੀ ਨਿਰਧਾਰਤ ਕਰਨ ਦੇ ਹੁਕਮ ਦਿੱਤੇ ਹਨ।

