SGPC Annual Budget Session on 28 March – Advocate Dhami
ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ – ਐਡਵੋਕੇਟ ਧਾਮੀ

06 ਮਾਰਚ 2026, ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਬੈਠਕ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਣ ਦਾ ਫੈਸਲਾ ਲਿਆ ਗਿਆ ਹੈ। ਬੈਠਕ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ, ਵਿਦਿਅਕ ਅਦਾਰੇ, ਧਰਮ ਪ੍ਰਚਾਰ ਅਤੇ ਹੋਰ ਵਿਭਾਗਾਂ ਦਾ ਬਜਟ ਪਾਸ ਕੀਤਾ ਜਾਵੇਗਾ ਅਤੇ ਭਵਿੱਖੀ ਕਾਰਜਾਂ ‘ਤੇ ਵੀ ਵਿਚਾਰ ਹੋਵੇਗਾ।
ਬੈਠਕ ਵਿੱਚ ਬੇਅਦਬੀਆਂ ਦੇ ਮਾਮਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਪੂਰਨ ਸਮਰਥਨ ਦਿੱਤਾ ਗਿਆ ਅਤੇ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਵਧਾਈ ਦਿੱਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਦੇ ਰੂਪ ਵਿੱਚ ਸਨਮਾਨ ਦਿੱਤਾ ਗਿਆ ਹੈ ਇਸ ਲਈ ਬੇਅਦਬੀ ਦੇ ਮਾਮਲਿਆਂ ਵਿੱਚ ਵੱਖਰਾ ਅਤੇ ਮਿਸਾਲੀ ਕਾਨੂੰਨ ਬਹੁਤ ਜ਼ਰੂਰੀ ਹੈ। ਬੈਠਕ ਨੇ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਸਿੱਖ ਵਿਦਿਆਰਥਣ ਦੀ ਦਸਤਾਰ ਅਤੇ ਕਿਰਪਾਨ ਉਤਾਰਨ ਵਾਲੀ ਘਟਨਾ ਦੀ ਨਿੰਦਾ ਕੀਤੀ ਅਤੇ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ‘ਤੇ ਹਮਲਾ ਕਰਾਰ ਦਿੱਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਯਾਦਗਾਰੀ ਬਣਾਈ ਜਾਵੇਗੀ ਜਿਸ ਵਿੱਚ ਵਿਸ਼ਾਲ ਨਗਰ ਕੀਰਤਨ, ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ 13 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਸੰਗਤ ਨੂੰ ਪੁੱਜਣ ਦੀ ਅਪੀਲ ਵੀ ਕੀਤੀ।
ਬੈਠਕ ਵਿੱਚ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੇਜਰ ਸਿੰਘ ਢਿੱਲੋਂ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਫੁੰਮਣ ਸਿੰਘ, ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਹਰਪਾਲ ਸਿੰਘ ਜੱਲ੍ਹਾ ਅਤੇ ਹੋਰ ਮੌਜੂਦ ਸਨ।
