ਅਮਰੀਕਾ ਨੇ ਅਫ਼ਗਾਨਿਸਤਾਨ ਨੂੰ ਚਿਤਾਵਨੀ: ਡੇਨਿਸ ਕੋਇਲ ਅਤੇ ਮਹਿਮੂਦ ਹਬੀਬੀ ਨੂੰ ਤੁਰੰਤ ਰਿਹਾ ਕਰੋ

10 ਮਾਰਚ 2026, ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖੇ ਅਮਰੀਕੀ ਨਾਗਰਿਕਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਖਾਸ ਤੌਰ ‘ਤੇ ਡੇਨਿਸ ਕੋਇਲ ਅਤੇ ਮਹਿਮੂਦ ਹਬੀਬੀ ਦੇ ਨਾਂ ਲੈ ਕੇ ਕਿਹਾ ਕਿ ਇਹਨਾਂ ਸਮੇਤ ਸਾਰੇ ਅਮਰੀਕੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਰਿਹਾ ਕੀਤਾ ਜਾਣਾ ਚਾਹੀਦਾ ਹੈ।
ਅਮਰੀਕਾ ਨੇ ਅਫ਼ਗਾਨਿਸਤਾਨ ਨੂੰ ਗੈਰ-ਕਾਨੂੰਨੀ ਹਿਰਾਸਤ ਵਾਲਾ ਦੇਸ਼ ਵੀ ਐਲਾਨਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਰਿਹਾਈ ਨਾ ਹੋਈ ਤਾਂ ਉਹਨਾਂ ਥਾਵਾਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਬਾਰੇ ਪਹਿਲਾਂ ਸੋਚਿਆ ਵੀ ਨਹੀਂ ਸੀ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਤਾਲਿਬਾਨ ਸਰਕਾਰ ਨੇ ਅਮਰੀਕੀ ਨਾਗਰਿਕਾਂ ਨੂੰ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਜਾਂ ਇਲਜ਼ਾਮ ਤੋਂ ਲੰਬੇ ਸਮੇਂ ਤੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ ਜੋ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਹੈ।
ਇਸ ਚਿਤਾਵਨੀ ਨਾਲ ਅਫ਼ਗਾਨਿਸਤਾਨ ਵਿੱਚ ਫਸੇ ਅਮਰੀਕੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਚਰਚਾ ਛਿੜ ਗਈ ਹੈ। ਅਮਰੀਕੀ ਕਾਂਗਰਸ ਦੇ ਕਈ ਮੈਂਬਰਾਂ ਨੇ ਵੀ ਤਾਲਿਬਾਨ ‘ਤੇ ਵਧੇਰੇ ਦਬਾਅ ਪਾਉਣ ਦੀ ਮੰਗ ਕੀਤੀ ਹੈ ਅਤੇ ਕੁਝ ਨੇ ਆਰਥਿਕ ਪਾਬੰਦੀਆਂ ਵਧਾਉਣ ਦੀ ਗੱਲ ਵੀ ਕਹੀ ਹੈ। ਅਜੇ ਤੱਕ ਤਾਲਿਬਾਨ ਵੱਲੋਂ ਇਸ ਚਿਤਾਵਨੀ ‘ਤੇ ਕੋਈ ਅਧਿਕਾਰਤ ਜਵਾਬ ਨਹੀਂ ਆਇਆ ਹੈ ਪਰ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

