A major development in Punjab politics: Sukhbir Badal facilitates the return of Bibi Jagir Kaur to the fold
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਬੀਬੀ ਜਗੀਰ ਕੌਰ ਦੀ ਸੁਖਬੀਰ ਬਾਦਲ ਨੇ ਕਰਾਈ ਘਰ ਵਾਪਸੀ
ਬੇਗੋਵਾਲ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੀ ਸਿਆਸਤ ‘ਚ ਉਸ ਵੇਲੇ ਵੱਡਾ ਧਮਾਕਾ ਹੋਇਆ, ਜਦੋਂ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਹੋ ਗਈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਭੁਲੱਥ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਅਤੇ ਮੈਂ ਬੀਬੀ ਜਗੀਰ ਕੌਰ ਨੂੰ ਇਸ ਹਲਕੇ ਦੇ ਸੇਵਾਦਾਰ ਨਿਯੁਕਤ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਜਿਵੇਂ ਮਾਣ-ਸਤਿਕਾਰ ਪਹਿਲਾਂ ਸੀ, ਇਸੇ ਤਰ੍ਹਾਂ ਅਕਾਲੀ ਦਲ ਦੇ ਵਰਕਰਾਂ ਨੇ ਮਿਲ ਕੇ ਚੋਣਾਂ ਲਈ ਕੰਮ ਕਰਨਾ ਹੈ। ਹੁਣ ਉਨ੍ਹਾਂ ਦੀ ਵਾਪਸੀ ਨੂੰ ਪੰਜਾਬ ਦੀ ਪੰਥਕ ਅਤੇ ਸਿਆਸੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਦੋਆਬੇ ਦੀ ਧਰਤੀ ‘ਤੇ ਬੀਬੀ ਜਗੀਰ ਕੌਰ ਜੀ ਦਾ ਅਕਾਲੀ ਦਲ ਨਾਲ ਬਹੁਤ ਪੁਰਾਣਾ ਸਬੰਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਕੁੱਝ ਕਾਰਨਾਂ ਕਰਕੇ ਥੋੜ੍ਹੀ ਦੇਰ ਵੱਖ ਹੋਏ ਸੀ ਪਰ ਹੁਣ ਮੁੜ ਉਨ੍ਹਾਂ ਦੀ ਘਰ ਵਾਪਸੀ ਹੋ ਗਈ ਹੈ ਅਤੇ ਉਹ ਬੀਬੀ ਜਗੀਰ ਕੌਰ ਨੂੰ ਜੀ ਆਇਆਂ ਕਹਿੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਸਾਰਿਆਂ ਨੂੰ ਇਕੱਠੇ ਲੈ ਕੇ ਚੱਲਣ ਦੀ ਸੀ ਅਤੇ ਸਾਰੇ ਧਰਮਾਂ ਦੇ ਲੋਕ ਬਾਦਲ ਪਰਿਵਾਰ ਨੂੰ ਆਪਣਾ ਸਮਝਦੇ ਸੀ। ਜੇਕਰ ਬਾਦਲ ਸਾਹਿਬ ਨੇ ਸ੍ਰੀ ਦਰਬਾਰ ਸਾਹਿਬ ਦਾ ਸੁੰਦਰੀਕਰਨ ਕੀਤਾ ਤਾਂ ਨਾਲ ਦੇ ਨਾਲ ਦੁਰਗਿਆਣਾ ਮੰਦਿਰ ‘ਤੇ ਵੀ ਕਰੋੜਾਂ ਰੁਪਏ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਦੀ ਸ਼ੁਰੂਆਤ ਕੀਤੀ ਗਈ ਸੀ ਪਰ ਮੌਜੂਦਾ ਸਰਕਾਰ ਸਿਰਫ ਇਸ਼ਤਿਹਾਰਾਂ ‘ਤੇ ਪੈਸੇ ਖ਼ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਫਿਰ ਗਲਤ ਪਾਰਟੀ ਚੁਣ ਲਈ ਤਾਂ ਪੰਜਾਬ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨਾ ਹਰ ਬੰਦੇ ਦਾ ਸ਼ੌਂਕ ਹੈ ਪਰ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠ ਕੇ ਸੂਬੇ ਨੂੰ ਚਲਾਉਣਾ ਬਹੁਤ ਔਖਾ ਕੰਮ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਜੇ ਬਹੁਤ ਸਾਰੇ ਕੰਮ ਕਰਨ ਵਾਲੇ ਹਨ। ਅਸੀਂ ਵੱਡੇ ਬਾਦਲ ਸਾਹਿਬ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਆਉਂਦੇ ਸਾਰ ਹੀ ਅਸੀਂ ਆਟਾ-ਦਾਲ ਸਕੀਮ ਸ਼ੁਰੂ ਕਰਾਂਗੇ ਅਤੇ ਧੀਆਂ ਨੂੰ ਵਿਆਹ ਵੇਲੇ ਇਕ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

