A Nagar Kirtan was organized from Gurdwara Sri Ramsar Sahib to Sachkhand Sri Harmandir Sahib on the occasion of the First Parkash Purab
ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਪੁਰਾਤਨ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ । ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ’ਚ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪਾਵਨ ਗੁਰਬਾਣੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਨਗਰ ਕੀਰਤਨ ’ਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਮਨੁੱਖੀ ਜੀਵਨ ਨੂੰ ਸੁਖਦਾਈ ਬਣਾਉਣ ਲਈ ਗੁਰਬਾਣੀ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਣਾ ਵੀ ਕੀਤੀ। ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਤਿੰਦਰਪਾਲ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ’ਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

