Accused who shot police officer escapes from police custody
ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ ‘ਚ ਫਰਾਰ
ਅਜਨਾਲਾ (ਆਵਾਜ਼ਿ ਕੌਮ ਬਿਊਰੋ)-ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿਚ ਪਿਛਲੇ ਦਿਨੀਂ ਏ. ਐੱਸ. ਆਈ. ਜਸਵੰਤ ਸਿੰਘ ਨੂੰ ਗੋਲ਼ੀ ਮਾਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਵਾਸੀ ਕਰਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਪੁਲਸ ਮੁਲਜ਼ਮ ਕਰਨ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿਚ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਪੁਲਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਲਾਪਰਵਾਹੀ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ ਇਕ ਪੁਲਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 11 ਸਤੰਬਰ ਦੀ ਰਾਤ ਰਾਜਾਸਾਂਸੀ ਇਲਾਕੇ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਲਾਈਨ ਵਿਚ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਕੇ ਸਿਰ ’ਤੇ ਗੋਲੀ ਚਲਾ ਦਿੱਤੀ ਸੀ। ਗੋਲੀ ਪੱਗ ਨੂੰ ਲੱਗਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ASI ਜਸਵੰਤ ਸਿੰਘ ਨੂੰ ਮਾਮੂਲੀ ਸੱਟ ਲੱਗੀ ਸੀ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਸੀ। ਹੁਣ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਜਾਂਦੇ ਸਮੇਂ ਮੁਲਜ਼ਮ ਦੇ ਪੁਲਸ ਹਿਰਾਸਤ ਵਿਚੋਂ ਫਰਾਰ ਹੋਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਫਿਲਹਾਲ ਪੁਲਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

