Special Welcome and Honor for Advocate Sardar Jaspreet Singh at Damdami Taksal Mehta
ਸਿੱਖ ਭਾਈਚਾਰੇ ਦੀ ਕਾਨੂੰਨੀ ਸੇਵਾ ਲਈ ਪ੍ਰਸਿੱਧ ਐਡਵੋਕੇਟ ਜਸਪ੍ਰੀਤ ਸਿੰਘ ਦਾ ਦਮਦਮੀ ਟਕਸਾਲ ਮਹਿਤਾ ਵਿਖੇ ਵਿਸ਼ੇਸ਼ ਸਨਮਾਨ
ਮਹਿਤਾ, 13 ਜੁਲਾਈ 2026: ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਪ੍ਰਸਿੱਧ ਸਿੱਖ ਐਡਵੋਕੇਟ ਅਤੇ ਅਟਾਰਨੀ ਸਰਦਾਰ ਜਸਪ੍ਰੀਤ ਸਿੰਘ, ਜੋ ਪਿਛਲੇ ਕਰੀਬ 28 ਸਾਲਾਂ ਤੋਂ ਸਿੱਖ ਭਾਈਚਾਰੇ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੇ ਹੋਏ ਹਜ਼ਾਰਾਂ ਪਰਿਵਾਰਾਂ ਲਈ ਆਸ ਦੀ ਕਿਰਨ ਬਣੇ ਹੋਏ ਹਨ, ਅੱਜ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਪਹੁੰਚੇ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਰਦਾਰ ਜਸਪ੍ਰੀਤ ਸਿੰਘ ਆਪਣੇ ਪੇਸ਼ੇ ਵਿੱਚ ਇੱਕ ਉੱਘੇ ਅਤੇ ਸਫਲ ਵਕੀਲ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ ਪਿਛਲੇ ਲਗਭਗ ਤਿੰਨ ਦਹਾਕਿਆਂ ਦੌਰਾਨ ਅਮਰੀਕਾ ਵਿੱਚ ਵੱਸਦੇ ਸਿੱਖਾਂ ਅਤੇ ਹੋਰ ਪ੍ਰਵਾਸੀ ਭਾਈਚਾਰਿਆਂ ਨੂੰ ਕਾਨੂੰਨੀ ਮਦਦ ਪ੍ਰਦਾਨ ਕਰਦਿਆਂ ਇੰਮੀਗ੍ਰੇਸ਼ਨ ਅਤੇ ਸ਼ਰਨਾਰਥੀ ਮਾਮਲਿਆਂ ਵਿੱਚ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਖਾਂ ਸ਼ਰਨਾਰਥੀਆਂ ਅਤੇ ਇੰਮੀਗ੍ਰਾਂਟਾਂ ਨੂੰ ਅਮਰੀਕਾ ਵਿੱਚ ਕਾਨੂੰਨੀ ਤੌਰ ’ਤੇ ਸਥਾਈ ਨਿਵਾਸ ਹਾਸਲ ਕਰਨ ਵਿੱਚ ਸਹਾਇਤਾ ਮਿਲੀ ਹੈ। ਕਾਨੂੰਨੀ ਖੇਤਰ ਵਿੱਚ ਉਨ੍ਹਾਂ ਦੀ ਮੁਹਾਰਤ ਦੇ ਨਾਲ-ਨਾਲ ਉਹ ਸਿੱਖ ਪੰਥ, ਗੁਰਮਤਿ ਪ੍ਰਚਾਰ ਅਤੇ ਸਮਾਜਿਕ ਸੇਵਾਵਾਂ ਵਿੱਚ ਵੀ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਸਰਦਾਰ ਜਸਪ੍ਰੀਤ ਸਿੰਘ ਨੇ ਆਪਸੀ ਵਿਚਾਰ-ਵਟਾਂਦਰੇ ਦੌਰਾਨ ਪੰਥਕ, ਧਾਰਮਿਕ ਅਤੇ ਵਿਦਿਅਕ ਮਸਲਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ। ਸਰਦਾਰ ਜਸਪ੍ਰੀਤ ਸਿੰਘ ਨੇ ਦਮਦਮੀ ਟਕਸਾਲ ਨਾਲ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝ ਦਾ ਜ਼ਿਕਰ ਕਰਦਿਆਂ ਟਕਸਾਲ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਧਾਰਮਿਕ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਦਮਦਮੀ ਟਕਸਾਲ ਅਧੀਨ ਚੱਲ ਰਹੇ ਵਿਦਿਅਕ ਅਤੇ ਮੈਡੀਕਲ ਅਦਾਰਿਆਂ ਦਾ ਵੀ ਦੌਰਾ ਕੀਤਾ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤਾ ਜਾ ਰਿਹਾ ਕਾਰਜ ਸਮਾਜ ਲਈ ਬਹੁਤ ਵੱਡੀ ਸੇਵਾ ਹੈ।
ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਦਮਦਮੀ ਟਕਸਾਲ ਮਹਿਤਾ ਵਿਖੇ ਪਹੁੰਚੀਆਂ। ਇਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਰਦਾਰ ਕਰਮਜੀਤ ਸਿੰਘ, ਯੂਨੀਵਰਸਿਟੀ ਦੇ ਰਜਿਸਟਰਾਰ ਸਰਦਾਰ ਕਰਮਜੀਤ ਸਿੰਘ ਅਤੇ ਉੱਘੇ ਵਿਦਵਾਨ ਡਾ. ਅਮਰਜੀਤ ਸਿੰਘ ਸ਼ਾਮਲ ਸਨ। ਦਮਦਮੀ ਟਕਸਾਲ ਵੱਲੋਂ ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਗਿਆਨੀ ਰਣਜੀਤ ਸਿੰਘ ਸੰਗੋਜਲਾਂ, ਵਿਦਿਆਰਥੀ ਦਮਦਮੀ ਟਕਸਾਲ (ਜਥਾ ਭਿੰਡਰਾਂ-ਮਹਿਤਾ) ਅਮਰੀਕਾ, ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਉਨ੍ਹਾਂ ਦੀਆਂ ਸੇਵਾਵਾਂ ਦੀ ਵੀ ਮੌਕੇ ’ਤੇ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਸਮੁੱਚੇ ਸਮਾਗਮ ਦੌਰਾਨ ਧਾਰਮਿਕ, ਵਿਦਿਅਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਦੀ ਵੱਡੀ ਗਿਣਤੀ ਹਾਜ਼ਰ ਰਹੀ। ਹਾਜ਼ਰ ਸੰਗਤ ਨੇ ਸਰਦਾਰ ਜਸਪ੍ਰੀਤ ਸਿੰਘ ਵੱਲੋਂ ਸਿੱਖ ਭਾਈਚਾਰੇ ਲਈ ਨਿਭਾਈਆਂ ਜਾ ਰਹੀਆਂ ਬੇਮਿਸਾਲ ਕਾਨੂੰਨੀ ਅਤੇ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਨੁੱਖਤਾ ਅਤੇ ਸਿੱਖ ਕੌਮ ਦੀ ਸੇਵਾ ਕਰਦੇ ਰਹਿਣ।
