
ਫਰੀਦਕੋਟ, 20 ਦਸੰਬਰ- ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਪਿਛਲੇ ਸਮੇਂ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲੀ ਆਗੂਆਂ ਵੱਲੋਂ ਕੀਤੇ ਜਾ ਰਹੇ ਮਾੜੇ ਵਿਹਾਰ ਬਾਰੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਆਗੂ ਹੁਣ ਜਥੇਦਾਰ ਸਾਹਿਬਾਨ ਨਾਲ ਗੁੰਡਾਗਰਦੀ ਕਰਨ ’ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਆਮ ਲੋਕਾਂ ਨਾਲ ਕੀਤੀ ਜਾਂਦੀ ਗੁੰਡਾਗਰਦੀ ਦੀਆਂ ਅਨੇਕਾਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਪਰੰਤੂ ਮੌਜੂਦਾ ਸਮੇਂ ਜਥੇਦਾਰਾਂ ਨੂੰ ਸ਼ਿਕਾਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਕਾਰਵਾਈਆਂ ਕੌਮੀ ਸੰਕਟ ਬਣ ਚੁੱਕੀਆਂ ਹਨ।
ਐਮ.ਪੀ. ਭਾਈ ਖ਼ਾਲਸਾ ਨੇ ਕਿਹਾ ਕਿ ਜਥੇਦਾਰ ਸਹਿਬਾਨ ਸਮੁੱਚੀ ਕੌਮ ਦੇ ਜਥੇਦਾਰ ਹਨ ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬਾਨ ਦੇ ਨਾਲ ਖੜ੍ਹੇ ਹਨ ਅਤੇ ਸਮੁੱਚੀ ਸਿੱਖ ਕੌਮ ਨੂੰ ਵੀ ਅਕਾਲੀ ਆਗੂਆਂ ਦੀ ਗੁੰਡਾਗਰਦੀ ਰੋਕਣ ਲਈ ਆਪਣੇ ਜਥੇਦਾਰ ਸਾਹਿਬਾਨ ਦੇ ਹੱਕ ਵਿੱਚ ਇਕਜੁੱਟਤਾ ਨਾਲ ਖੜ੍ਹਨਾ ਚਾਹੀਦਾ ਹੈ।