Alarming situation! A major breach has occurred in the canal near Chatiwind, and water has entered the area
ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ ‘ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਅੰਮ੍ਰਿਤਸਰ ਦੇ ਤਰਨਤਾਰਨ ਰੋਡ ਨੇੜੇ ਚਾਟੀਵਿੰਡ ਪਿੰਡ ਦੀ ਨਹਿਰ ‘ਚ ਪਾੜ ਪੈਣ ਕਾਰਨ ਨਹਿਰ ਦਾ ਪਾਣੀ ਆਸ-ਪਾਸ ਦੇ ਇਲਾਕਿਆਂ ‘ਚ ਦਾਖ਼ਲ ਹੋ ਗਿਆ। ਪਾਣੀ ਸੜਕਾਂ ਅਤੇ ਆਬਾਦੀ ਵੱਲ ਵਧਣ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਇਸ ਦੌਰਾਨ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਲੋਕਾਂ ਵੱਲੋਂ ਬੋਰੀਆਂ ਵਿੱਚ ਮਿੱਟੀ ਭਰ ਕੇ ਨਹਿਰ ਦੇ ਪਾੜ ਨੂੰ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੈੱਟ ਵੀ ਮੰਗਵਾਏ ਗਏ ਹਨ, ਜਿਨ੍ਹਾਂ ਵਿੱਚ ਮਿੱਟੀ ਦੀਆਂ ਬੋਰੀਆਂ ਬੰਨ੍ਹ ਕੇ ਪਾੜ ਵਾਲੀ ਥਾਂ ’ਤੇ ਪਾਈਆਂ ਜਾ ਰਹੀਆਂ ਹਨ। ਵਿਧਾਇਕ ਮੁਤਾਬਕ ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਜੇਕਰ ਪਾੜ ਵੱਡਾ ਹੁੰਦਾ ਹੈ ਤਾਂ ਨੁਕਸਾਨ ਦਾ ਖ਼ਤਰਾ ਬਣ ਸਕਦਾ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਦੀਆਂ ਟੀਮਾਂ, ਸਰਕਾਰ ਅਤੇ ਸਥਾਨਕ ਲੋਕ ਮਿਲ ਕੇ ਕੰਮ ਕਰ ਰਹੇ ਹਨ। ਪਾਣੀ ਨੂੰ ਰੋਕਣ ਅਤੇ ਪਾੜ ਨੂੰ ਬੰਦ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਨਹਿਰ ਦੇ ਪਾਣੀ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਬਰੀਚ ਵਾਲੀ ਥਾਂ ਨੂੰ ਬੰਦ ਕਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

